ਮੋਗਾ, 22 ਜੁਲਾਈ ( ਜਸ਼ਨ ) : 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਨਿਯਮਿਤ ਯੋਗ, ਕਸਰਤ, ਸੰਤੁਲਿਤ ਖੁਰਾਕ ਅਤੇ ਸਮੇਂ-ਸਮੇਂ 'ਤੇ ਆਪਣਾ ਮੈਡੀਕਲ ਚੈਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਉਹ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਣ। ਇਹ ਵਿਚਾਰ ਸ਼ਾਮ ਨਰਸਿੰਗ ਹੋਮ, ਰੇਲਵੇ ਰੋਡ ਮੋਗਾ ਦੇ ਐਮ.ਡੀ. ਡਾ. ਸੀਮਾਂਤ ਗਰਗ ਨੇ ਪੰਜਾਬ ਨੈਸ਼ਨਲ ਬੈਂਕ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਵੱਲੋਂ ਕਰਵਾਈ ਗਈ ਮਹੀਨਾਵਾਰ ਮੀਟਿੰਗ ਦੌਰਾਨ ਆਯੋਜਿਤ ਸਿਹਤ ਜਾਗਰੂਕਤਾ ਪ੍ਰੋਗਰਾਮ ਵਿੱਚ ਹਾਜ਼ਰ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਡਾ. ਸੀਮਾਂਤ ਗਰਗ ਨੇ ਵਧਦੀ ਉਮਰ ਵਿੱਚ ਸਿਹਤਮੰਦ ਅਤੇ ਸਰਗਰਮ ਜੀਵਨ ਜਿਊਣ ਲਈ ਲੋੜੀਂਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੌਜੂਦਾ ਪ੍ਰਦੂਸ਼ਣ ਭਰੇ ਮਾਹੌਲ ਵਿੱਚ ਫਾਸਟ ਫੂਡ ਅਤੇ ਤਲੀਆਂ ਹੋਈਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਸਵੇਰ ਦੀ ਸੈਰ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ ਸਮੇਂ-ਸਮੇਂ 'ਤੇ ਆਪਣਾ ਮੈਡੀਕਲ ਚੈਕਅੱਪ ਕਰਵਾਉਣਾ ਚਾਹੀਦਾ ਹੈ। ਜੇਕਰ ਕਿਸੇ ਵੀ ਤਰ੍ਹਾਂ ਦੀ ਸਰੀਰਕ ਤਕਲੀਫ਼ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਕੇ ਜਾਂਚ ਕਰਵਾਉਣੀ ਅਤੇ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੀਨੀਅਰ ਨਾਗਰਿਕਾਂ ਨੂੰ ਪ੍ਰਦੂਸ਼ਣ ਤੋਂ ਦੂਰ ਹਰੇ-ਭਰੇ ਮਾਹੌਲ ਵਿੱਚ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਐਸੋਸੀਏਸ਼ਨ ਦੇ ਚੇਅਰਮੈਨ ਐੱਸ.ਕੇ. ਜੈਨ ਅਤੇ ਪ੍ਰਧਾਨ ਰਣਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਡਾ. ਸੀਮਾਂਤ ਗਰਗ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾ. ਗਰਗ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਖੁਸ਼ਹਾਲ ਅਤੇ ਸਿਹਤਮੰਦ ਜੀਵਨ ਲਈ ਦਿੱਤੀ ਗਈ ਪ੍ਰੇਰਣਾਦਾਇਕ ਅਤੇ ਗਿਆਨਵਰਧਕ ਜਾਣਕਾਰੀ ਬਹੁਤ ਲਾਹੇਵੰਦ ਹੈ ਅਤੇ ਸਾਰੇ ਪੈਨਸ਼ਨਰ ਉਨ੍ਹਾਂ ਦੇ ਸੁਝਾਵਾਂ ਨੂੰ ਅਮਲ ਵਿੱਚ ਲਿਆ ਕੇ ਸਿਹਤਮੰਦ ਜੀਵਨ ਜਿਊਣ ਦਾ ਯਤਨ ਕਰਨਗੇ।
ਖ਼ਬਰਾਂ
60 ਸਾਲ ਤੋਂ ਵੱਧ ਉਮਰ ਦੇ ਲੋਕ ਨਿਯਮਿਤ ਯੋਗ, ਕਸਰਤ, ਸੰਤੁਲਿਤ ਖੁਰਾਕ ਅਤੇ ਮੈਡੀਕਲ ਚੈਕਅੱਪ ਕਰਵਾਉਣ : ਡਾ. ਸੀਮਾਂਤ ਗਰਗ
* ਪੀ.ਐਨ.ਬੀ. ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਦੌਰਾਨ ਸਿਹਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
22 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



