ਧਰਮਕੋਟ, 17 ਅਗਸਤ (ਜਸ਼ਨ ) ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਦਾਅਵਾ ਕੀਤਾ ਹੈ ਕਿ ਮੌਜੂਦਾ ਸਿਆਸੀ ਹਾਲਾਤਾਂ ਵਿਚ ਸੂਬੇ ਦੇ ਲੋਕ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਾਕੀ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਖੋਖਲੇ ਦਾਅਵਿਆਂ ਨੂੰ ਚੰਗੀ ਤਰ੍ਹਾਂ ਪਰਖ ਲਿਆ ਹੈ ਅਤੇ ਹੁਣ ਉਹ ਕਾਂਗਰਸ ਨੂੰ ਹੀ ਸੂਬੇ ਦੀ ਤਰੱਕੀ, ਅਮਨ-ਕਾਨੂੰਨ ਅਤੇ ਖੁਸ਼ਹਾਲੀ ਲਈ ਇੱਕ ਬਿਹਤਰ ਅਤੇ ਮਜ਼ਬੂਤ ਬਦਲ ਵਜੋਂ ਤੱਕ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕਮਾਤਰ ਅਜਿਹੀ ਪਾਰਟੀ ਹੈ ਜਿਸ ਨੇ ਆਪਣੇ ਸ਼ਾਸਨਕਾਲ ਦੌਰਾਨ ਹਮੇਸ਼ਾ ਲੋਕ ਹਿੱਤਾਂ ਦੀ ਰਾਖੀ ਕੀਤੀ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਜਥੇਦਾਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਰਹੀ ਹੈ, ਉਦੋਂ ਪੰਜਾਬ ਨੇ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਵਿਕਾਸ ਵਿੱਚ ਜੋ ਵੱਡਮੁੱਲਾ ਯੋਗਦਾਨ ਪਾਇਆ ਹੈ, ਉਸ ਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮੌਜੂਦਾ ਸਿਸਟਮ ਤੋਂ ਨਿਰਾਸ਼ ਹੋ ਕੇ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ। ਅਜਿਹੇ ਨਾਜ਼ੁਕ ਸਮੇਂ ਵਿੱਚ ਕਾਂਗਰਸ ਪਾਰਟੀ ਹੀ ਲੋਕਾਂ ਦੀ ਆਵਾਜ਼ ਬਣ ਕੇ ਉਭਰੀ ਹੈ ਅਤੇ ਹਰ ਫਰੰਟ ’ਤੇ ਲੋਕਾਂ ਦੇ ਹੱਕਾਂ ਦੀ ਪੈਰਵੀ ਕਰ ਰਹੀ ਹੈ। ਆਪਣੇ ਸੰਬੋਧਨ ਦੇ ਅਖੀਰ ਵਿੱਚ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਸਮੂਹ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਪਿਛਲੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਨੀਤੀਆਂ ਨੂੰ ਪਿੰਡ-ਪਿੰਡ, ਘਰ-ਘਰ ਤੱਕ ਲੈ ਕੇ ਜਾਣ।