ਤਰਨਤਾਰਨ (ਅਮਿਤ ਮਰਵਾਹਾ)

ਤਰਨਤਾਰਨ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸੇ ਨੇ ਤੀਰਥ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਨੈਸ਼ਨਲ ਹਾਈਵੇ-54 'ਤੇ ਨੌਸ਼ਹਿਰਾ ਨੇੜੇ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਮੁੱਢਲੀ ਜਾਣਕਾਰੀ ਅਨੁਸਾਰ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਯਾਤਰੀ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ 'ਤੇ ਲੈ ਕੇ ਗਈਆਂ ਸਨ। ਯਾਤਰੀ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਸ਼ਨੀਵਾਰ ਸ਼ਾਮ ਕਰੀਬ ਚਾਰ ਵਜੇ ਜਦੋਂ ਬੱਸਾਂ ਨੈਸ਼ਨਲ ਹਾਈਵੇ-54 'ਤੇ ਨੌਸ਼ਹਿਰਾ ਨੇੜੇ ਪਹੁੰਚੀਆਂ ਤਾਂ ਅਚਾਨਕ ਸਾਹਮਣੇ ਆਏ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਦੇ ਚਾਲਕ ਦਾ ਵਾਹਨ ਤੋਂ ਸੰਤੁਲਨ ਵਿਗੜ ਗਿਆ।

ਦੱਸਿਆ ਜਾ ਰਿਹਾ ਹੈ ਕਿ ਬੇਕਾਬੂ ਹੋਈ ਬੱਸ ਸੜਕ ਦਾ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਸਿੱਧੀ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਬੱਸਾਂ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ ਅਤੇ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਅਤੇ ਰਾਹਤ ਕਾਰਜਾਂ ਨਾਲ ਜੁੜੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਹਾਲੇ ਵੀ ਤਕਰੀਬਨ 10 ਜ਼ਖ਼ਮੀ ਇਲਾਜ ਲਈ ਹਸਪਤਾਲਾਂ ਵਿੱਚ ਹਨ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਿਰਤਕਾਂ ਲਈ ਪੰਜ ਲੱਖ ਅਤੇ ਜ਼ਖਮੀਆਂ ਲਈ ਇਕ ਇਕ ਲੱਖ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ ।ਉਹਨਾਂ ਹਸਪਤਾਲ ਵਿਚ ਜ਼ੇਰੇ ਇਲਾਜ਼ ਜ਼ਖਮੀਆਂ ਨਾਲ ਮੁਲਾਕਾਤ ਵੀ ਕੀਤੀ ।