ਤਰਨਤਾਰਨ (ਅਮਿਤ ਮਰਵਾਹਾ)

ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਮਾਹੌਲ ਦੇਣ ਦੇ ਉਦੇਸ਼ ਨਾਲ ਸੈਂਟਰੀ ਇੰਸਪੈਕਟਰ ਬਿਕਰਮਜੀਤ ਸਿੰਘ ਵੱਲੋਂ ਪੌਦੇ ਲਗਾ ਕੇ ਹਰਿਆਵਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖ-ਬੂਟੇ ਮਨੁੱਖੀ ਜੀਵਨ ਦਾ ਅਨਮੋਲ ਆਧਾਰ ਹਨ ਅਤੇ ਵਧ ਰਹੇ ਪ੍ਰਦੂਸ਼ਣ ਤੇ ਮੌਸਮੀ ਤਬਦੀਲੀਆਂ ਨਾਲ ਨਜਿੱਠਣ ਲਈ ਹਰ ਨਾਗਰਿਕ ਨੂੰ ਆਪਣੇ ਹਿੱਸੇ ਦਾ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਅਤੇ ਉਸ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਵਾਤਾਵਰਨ ਦੀ ਸੁਰੱਖਿਆ ਲਈ ਰੁੱਖ ਲਗਾਉਣਾ ਇੱਕ ਮਹੱਤਵਪੂਰਨ ਕਦਮ ਮੰਨਿਆ ਜਾਂਦਾ ਹੈ।
ਬਿਕਰਮਜੀਤ ਸਿੰਘ ਨੇ ਕਿਹਾ ਕਿ ਰੁੱਖ ਨਾ ਸਿਰਫ਼ ਸਾਨੂੰ ਸ਼ੁੱਧ ਹਵਾ ਪ੍ਰਦਾਨ ਕਰਦੇ ਹਨ, ਸਗੋਂ ਧਰਤੀ ਦੇ ਤਾਪਮਾਨ ਨੂੰ ਸੰਤੁਲਿਤ ਰੱਖਣ, ਭੂਮੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਜੀਵ-ਜੰਤੂਆਂ ਦੇ ਕੁਦਰਤੀ ਵਾਤਾਵਰਨ ਨੂੰ ਸੁਰੱਖਿਅਤ ਬਣਾਈ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜਨਮਦਿਨ, ਵਿਆਹ ਦੀ ਵਰ੍ਹੇਗੰਢ ਜਾਂ ਕਿਸੇ ਹੋਰ ਖੁਸ਼ੀ ਦੇ ਮੌਕੇ 'ਤੇ ਪੌਦੇ ਲਗਾਉਣ ਦੀ ਪਰੰਪਰਾ ਅਪਣਾਉਣੀ ਚਾਹੀਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੇਵਲ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਨਿਯਮਤ ਦੇਖਭਾਲ ਅਤੇ ਸੰਭਾਲ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਵੱਡੇ ਰੁੱਖ ਬਣ ਕੇ ਸਮਾਜ ਨੂੰ ਲੰਬੇ ਸਮੇਂ ਤੱਕ ਲਾਭ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਜੇਕਰ ਹਰ ਨਾਗਰਿਕ ਇਸ ਦਿਸ਼ਾ ਵਿੱਚ ਆਪਣਾ ਯੋਗਦਾਨ ਪਾਏ ਤਾਂ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਹੋ ਸਕਦਾ ਹੈ।

ਇਸ ਮੌਕੇ ਹਾਜ਼ਰ ਲੋਕਾਂ ਨੇ ਵੀ ਵਾਤਾਵਰਨ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਸਮਾਗਮ ਦੌਰਾਨ ਹਰਿਆਵਲੀ ਵਧਾਉਣ ਅਤੇ ਕੁਦਰਤ ਦੀ ਸੁਰੱਖਿਆ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦਾ ਸੱਦਾ ਵੀ ਦਿੱਤਾ ਗਿਆ।