ਜੋਗਿੰਦਰ ਸਿੰਘ ਮਾਨ
ਮਾਨਸਾ, 13 ਅਕਤੂਬਰ
ਪੰਜਾਬ ਪੁਲੀਸ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨ੍ਹਾ ਨੇ ਦੇਰ ਸ਼ਾਮ ਮਾਨਸਾ ਦੇ ਐਸਐਸਪੀ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਬਹੁਤ ਛੇਤੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਉਸਦੇ ਨੇੜਲਿਆਂ ਅਤੇ ਉਸ ਨਾਲ ਜੁੜੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਅਤੇ ਮੋਬਾਈਲ ਫੋਨ ਲੋਕੇਸ਼ਨਾਂ ਦੇ ਆਧਾਰ ’ਤੇ ਮਾਨਸਾ ਪੁਲੀਸ ਦੀਆਂ ਕਈ ਟੀਮਾਂ ਬਾਹਰ ਰਵਾਨਾ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਆਦੇਸ਼ਾਂ ’ਤੇ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਫੜ੍ਹਨ ਲਈ ਜਲਦੀ ਮਾਨਸਾ ਪੁਲੀਸ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਬਿਲਕੁਲ ਵੀ ਢਿੱਲ ਨਹੀਂ ਵਰਤੇਗੀ ਅਤੇ ਨਸ਼ਾ ਤਸ਼ਕਰਾਂ ਖਿਲਾਫ਼ ਵਿੱਢੀ ਹੋਈ ਮੁਹਿੰਮ ਨੂੰ ਹੋਰ ਤੇਜ਼ ਕਰੇਗੀ।
ਇਸੇ ਦੌਰਾਨ ਬਠਿੰਡਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਜੀਤ ਸਿੰਘ ਨੇ ਕਤਲ ਦੀ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਮੁੱਖ ਸਾਥੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਐੱਫਆਈਆਰ ਦਰਜ ਕਰ ਲਈ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਮਾਨਸਾ ਵਿੱਚ ਕੰਮ ਕਰ ਰਹੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਉੱਤੇ ਇੱਕ ਕੈਮਿਸਟ ਦੀ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਨੂੰ ਫੜਨ ਲਈ ਕਈ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ, ਜਦੋਂ ਕਿ ਉਸਦਾ ਇੱਕ ਮੁੱਖ ਸਾਥੀ ਪਹਿਲਾਂ ਹੀ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਦਾ ਪਤਾ ਲਗਾਕੇ ਉਸ ਨੂੰ ਜਲਦੀ ਤੋਂ ਜਲਦੀ ਗਿ੍ਰਫ਼ਤਾਰ ਕਰਨ ਲਈ ਪੁਲੀਸ ਟੀਮਾਂ ਸੀਆਈਡੀ ਅਤੇ ਹੋਰ ਵਿਭਾਗਾਂ ਨਾਲ ਤਾਲਮੇਲ ਕਰ ਰਹੀਆਂ ਹਨ।”
ਇਸੇ ਦੌਰਾਨ ’ਆਪ’ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ (ਸੰਗਠਨ) ਬਲਤੇਜ ਪੰਨੂ ਨੇ ਕਿਹਾ ਕਿ “ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼ ਵੱਲ ਇਸ਼ਾਰਾ ਕਰਦੇ ਪੁਲੀਸ ਦੇ ਮੁੱਢਲੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਵਿਵਾਦ ਭਾਵੇਂ ਕੁਝ ਵੀ ਰਿਹਾ ਹੋਵੇ, ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦਾ ਕੋਈ ਹੱਕ ਨਹੀਂ ਹੈ।”ਉਨ੍ਹਾਂ ਕਿਹਾ ਕਿ ਇਸ ਅਪਰਾਧ ਲਈ, ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।