ਬਾਘਾ ਪੁਰਾਣਾ, 4 ਅਗਸਤ:(ਜਸ਼ਨ ) ਬਾਘਾ ਪੁਰਾਣਾ ਵਿੱਚ ਸਿਆਸੀ ਭੂਚਾਲ ਦੀ ਆਹਤ ਦਿਖਾਈ ਦੇ ਰਹੀ ਹੈ।ਇਲਾਕੇ ਦੇ ਘਾਗ ਸਿਆਸਤਦਾਨਾਂ ਨੇ ਲੰਮੀ ਚੁੱਪ ਤੋਂ ਬਾਅਦ ਅੰਗੜਾਈ ਲੈਂਦੀਆਂ ਖਾਮੋਸ਼ ਪਾਣੀਆਂ ਵਿਚ ਉੱਚੀਆਂ ਲਹਿਰਾਂ ਦਾ ਅਹਿਸਾਸ ਕਰਵਾ ਦਿੱਤਾ ਹੈ । ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਨੇ ਹਾਲ ਦੀ ਘੜੀ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਨੀਂਦ ਉਡਾ ਦਿੱਤੀ ਹੈ ਅਤੇ ਰਾਜਨੀਤਕ ਮਾਹਰ ਇਸ ਘਟਨਾ ਕਰਮ ਨੂੰ ਗੌਹ ਨਾਲ ਵਾਚ ਰਹੇ ਨੇ। ਦਰਅਸਲ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਵੱਲੋਂ 8 ਅਗਸਤ ਨੂੰ ਰਾਜੇਆਣਾ ਸਥਿਤ ਮਿੱਤਲ ਪੈਲਸ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਰਾਜਨੀਤਿਕ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਾਬਕਾ ਵਿਧਾਇਕ ਸਾਧੂ ਸਿੰਘ ਰਾਜੇਆਣਾ ਦੇ ਸਪੁੱਤਰ ਜਗਤਾਰ ਸਿੰਘ ਰਾਜੇਆਣਾ ਦੇ ਫਾਰਮ ਹਾਊਸ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ, ਪ੍ਰਬੰਧਾਂ, ਪ੍ਰਚਾਰ ਮੁਹਿੰਮ ਅਤੇ ਵੱਖ-ਵੱਖ ਪਿੰਡਾਂ ਤੋਂ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ , ਗੁਰਪ੍ਰੀਤ ਸਿੰਘ ਗੋਪੀ, ਬਲਤੇਜ ਸਿੰਘ ਲੰਗੇਆਨਾ, ਸੀਨੀਅਰ ਆਗੂ ਗੁਰਜੰਟ ਸਿੰਘ ਭੁੱਟੋ ਰੋਡੇ, ਬਲਦੇਵ ਸਿੰਘ ਮਾਣੂੰਕੇ, ਸੁਖਦੀਪ ਸਿੰਘ ਰੋਡੇ ਅਤੇ ਬਲਵਿੰਦਰ ਸਿੰਘ ਬਾਵਾ ਰੋਡੇ ਨੇ ਕਿਹਾ ਕਿ 8 ਅਗਸਤ ਨੂੰ ਹੋਣ ਵਾਲਾ ਇਹ ਸਮਾਗਮ ਇਲਾਕੇ ਦੇ ਰਾਜਨੀਤਿਕ ਇਤਿਹਾਸ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਆਗੂਆਂ ਵੱਲੋਂ ਹਲਕਾ ਬਾਘਾ ਪੁਰਾਣਾ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੇ ਅਨੁਸਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ, ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਆਯਾਲੀ ਵਿਸ਼ੇਸ਼ ਤੌਰ 'ਤੇ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਰਟੀ ਦੇ ਆਗੂ, ਨੌਜਵਾਨ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਸ਼ਾਮਲ ਹੋਣਗੇ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇੱਕ ਰਾਜਨੀਤਿਕ ਇਕੱਠ ਨਹੀਂ ਹੋਵੇਗਾ, ਸਗੋਂ ਪੰਜਾਬ ਦੇ ਮੌਜੂਦਾ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਭਾਰਨ ਦਾ ਇੱਕ ਮੰਚ ਵੀ ਬਣੇਗਾ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਹੱਕਾਂ ਅਤੇ ਲੋਕ ਹਿੱਤਾਂ ਲਈ ਆਪਣੀ ਲੜਾਈ ਜਾਰੀ ਰੱਖੇਗੀ। ਆਗੂਆਂ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਸਮੇਤ ਕਈ ਇਲਾਕਿਆਂ ਤੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਆਗੂ ਅਤੇ ਵਰਕਰ ਆਪਣੇ ਪੁਰਾਣੇ ਸਿਆਸੀ ਘਰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਰਾਜਨੀਤੀਕ ਪਾਰਟੀਆਂ ਤੋਂ ਨਿਰਾਸ਼ ਹੋ ਕੇ ਨਵੇਂ ਬਦਲ ਦੀ ਭਾਲ ਕਰ ਰਹੇ ਹਨ ਅਤੇ ਇਹ ਨਵਾਂ ਬਦਲ ਵਾਰਸ ਪੰਜਾਬ ਜਥੇਬੰਦੀ ਹੋਵੇਗਾ। ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੰਦਿਆਂ ਵੱਖ-ਵੱਖ ਟੀਮਾਂ ਦਾ ਗਠਨ ਵੀ ਕੀਤਾ ਗਿਆ। ਪਾਰਕਿੰਗ, ਸਟੇਜ ਪ੍ਰਬੰਧ, ਸਵਾਗਤ, ਪ੍ਰਚਾਰ, ਲੰਗਰ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦੀ ਜ਼ਿੰਮੇਵਾਰੀ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੂੰ ਸੌਂਪੀ ਗਈ। ਆਗੂਆਂ ਨੇ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੇ ਹਰ ਮਹਿਮਾਨ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਪ੍ਰਬੰਧਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ, ਨੌਜਵਾਨਾਂ ਨੂੰ ਵੱਧ ਤੋਂ ਵੱਧ ਸਮਾਗਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਅਤੇ 8 ਅਗਸਤ ਨੂੰ ਰਾਜੇਆਣਾ ਦੇ ਮਿੱਤਲ ਪੈਲਸ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਨੂੰ ਇਤਿਹਾਸਕ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ 8 ਅਗਸਤ ਦਾ ਇਹ ਸਮਾਗਮ ਹਲਕਾ ਬਾਘਾ ਪੁਰਾਣਾ ਹੀ ਨਹੀਂ, ਸਗੋਂ ਪੂਰੇ ਮਾਲਵਾ ਖੇਤਰ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ ਸਾਬਤ ਹੋਵੇਗਾ ਅਤੇ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਬਲ ਮਿਲੇਗਾ।
ਇਸ ਮੌਕੇ ਰਿਕੀ ਰਾਜੇਆਣਾ, ਸਾਧੂ ਸਿੰਘ ਭਾਊ ਰਾਜਿਆਣਾ , ਸੁਖਦੀਪ ਸਿੰਘ ਰੋਡੇ, ਸਤਨਾਮ ਸਿੰਘ ਰਾਜਿਆਣਾ, ਗੁਰਤੇਜ ਸਿੰਘ ਰਾਜਿਆਣਾ, ਨਿਰਮਲ ਸਿੰਘ ਢਿੱਲੋਂ, ਜਗਸੀਰ ਸਿੰਘ ਰਾਜਿਆਣਾ, ਝਿਰਮਲ ਸਿੰਘ ਰਾਜਿਆਣਾ, ਭਜਨ ਸਿੰਘ ਪੰਚ , ਜਸਵੀਰ ਸਿੰਘ ਜੱਸਾ ਅਤੇ ਹੋਰ ਇਲਾਕਾ ਨਿਵਾਸੀ ਸ਼ਾਮਲ ਸਨ ।