ਮੋਗਾ, 30 ਅਗਸਤ (ਜਸ਼ਨ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 137ਵੇਂ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਨਸ਼ਾ ਮੁਕਤੀ, ਸਫ਼ਾਈ, ਮਹਿਲਾ ਸਸ਼ਕਤੀਕਰਨ ਆਦਿ ਵਿਸ਼ਿਆਂ ਸਬੰਧੀ ਦੇਸ਼ ਵਾਸੀਆਂ ਨੂੰ ਜਾਗਰੂਕ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ’ਤੇ ਅਮਲ ਕਰਦੇ ਹੋਏ ਸਮਾਜ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਫ਼ਰੀਦਕੋਟ ਹਲਕੇ ਦੇ ਇੰਚਾਰਜ ਡਾ. ਸੀਮਾਂਤ ਗਰਗ ਨੇ ਅੱਜ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਖੇ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਪ੍ਰੋਗਰਾਮ ਦੇ ਇੰਚਾਰਜ ਸੋਨੀ ਮੰਗਲਾ, ਸੁਕੇਸ਼ ਸੂਦ, ਸਚਿਨ ਗਰਗ, ਲਲਿਤ ਸਿੰਗਲਾ, ਨਰਿੰਦਰ ਪਾਲ, ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਤਰਸੇਮ ਝੰਡ, ਪਵਨ ਗਰਗ, ਸੰਜੇ, ਵਿਜੇ, ਸੂਰਜ, ਵਿਕਾਸ ਸ਼ਰਮਾ, ਰਾਜਿੰਦਰ ਗਾਬਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ‘ਮਨ ਕੀ ਬਾਤ’ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਮੁਹਾਰਤ ਹਾਸਲ ਕਰਦੇ ਹੋਏ ਆਪਣੇ ਅੰਦਰ ਨਸ਼ਿਆਂ ਤੋਂ ਦੂਰ ਰਹਿਣ ਦੀ ਇੱਛਾ-ਸ਼ਕਤੀ ਪੈਦਾ ਕਰਨੀ ਚਾਹੀਦੀ ਹੈ। ਖੇਡਾਂ ਨੌਜਵਾਨਾਂ ਨੂੰ ਜ਼ਿੰਦਗੀ ਦੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਅੰਦਰ ਰਚਨਾਤਮਕ ਸੋਚ, ਨਵੇਂ ਵਿਚਾਰ ਅਤੇ ਸਕਾਰਾਤਮਕ ਭਾਵਨਾਵਾਂ ਪੈਦਾ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰੇਰਨਾਦਾਇਕ ਬਣਾਉਣੇ ਚਾਹੀਦੇ ਹਨ, ਤਾਂ ਜੋ ਉਹ ਇਨ੍ਹਾਂ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਜ਼ਿੰਦਗੀ ਵਿੱਚ ਅੱਗੇ ਵਧ ਸਕਣ। ਸਫ਼ਾਈ ਮੁਹਿੰਮ ਬਾਰੇ ਡਾ. ਗਰਗ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ, ਆਲੇ-ਦੁਆਲੇ, ਸ਼ਹਿਰ, ਸੂਬੇ ਅਤੇ ਦੇਸ਼ ਵਿੱਚ ਚੱਲ ਰਹੀਆਂ ਸਫ਼ਾਈ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਸਾਂਝੇ ਯਤਨਾਂ ਨਾਲ ਹੀ ਦੇਸ਼ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ। ਮਹਿਲਾ ਸਸ਼ਕਤੀਕਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਅਤੇ ਮੌਕੇ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਕਾਨੂੰਨ ਰਾਹੀਂ ਮਹਿਲਾਵਾਂ ਨੂੰ ਰਾਜਨੀਤਿਕ ਖੇਤਰ ਵਿੱਚ ਹੋਰ ਮੌਕੇ ਦੇਣ ਵੱਲ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ 14 ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਉੱਚਾ ਚੁੱਕਣ ਲਈ ਕੀਤੇ ਯਤਨਾਂ ਨੂੰ ਇਤਿਹਾਸ ਵਿੱਚ ਯਾਦ ਕੀਤਾ ਜਾਵੇਗਾ। ‘ਮਨ ਕੀ ਬਾਤ’ ਪ੍ਰੋਗਰਾਮ ਉਪਰੰਤ ਡਾ. ਸੀਮਾਂਤ ਗਰਗ ਨੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਮਹਿਲਾ ਸਸ਼ਕਤੀਕਰਨ ਅਤੇ ਸਫ਼ਾਈ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੰਕਲਪ ਲੈਣ, ਤਾਂ ਜੋ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਅਮਲੀ ਰੂਪ ਦਿੱਤਾ ਜਾ ਸਕੇ। ਇਸ ਮੌਕੇ ਹਾਜ਼ਰੀਨ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਬਾਅਦ ਵਿੱਚ ਲੰਗਰ ਦਾ ਪ੍ਰਸਾਦ ਵੀ ਵਰਤਾਇਆ ਗਿਆ।





