ਮਾਨਸਾ 2 ਜੂਨ( ਮਾਨ ) :
ਪੰਜਾਬ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ਼ ਧਰਨੇ ਸ਼ੁਰੂ ਹੋ ਗਏ ਹਨ।
ਇਸ ਤਹਿਤ ਤਹਿਤ ਮਾਨਸਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਸ਼ੁਰੂ ਹੋ ਗਿਆ ਹੈ। ਧਰਨਾਕਾਰੀ ਮੰਗ ਕਰ ਰਹੇ ਹਨ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਤਰੁੰਤ ਪ੍ਰਵਾਨ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖੇਤੀ ਖੇਤਰ ਦੇਸ਼ ਦੀ 60% ਆਬਾਦੀ ਦੀ ਉਪਜੀਵਕਾ ਦਾ ਸਾਧਨ ਹੈ ਅਤੇ 46% ਆਬਾਦੀ ਸਿੱਧੇ ਤੌਰ ਤੇ ਖੇਤੀ ਵਿੱਚ ਲੱਗੀ ਹੋਈ ਹੈ ਅਤੇ ਇਹ ਖੇਤਰ ਅੱਜ ਗੰਭੀਰ ਸੰਕਟ ਦਾ ਸ਼ਿਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ ਅਤੇ ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ, ਪਰ ਫਿਰ ਵੀ ਸਭ ਕੁੱਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੱਧਰ ਤੇ ਬਹੁਪੱਖੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕੁਝ ਮਹੱਤਵਪੂਰਨ ਅਤੇ ਅਹਿਮ ਮੰਗਾਂ ਤੁਹਾਡੇ ਸਾਹਮਣੇ ਰੱਖ ਰਹੀਆਂ ਹਨ, ਜਿੰਨਾਂ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਪੰਜਾਬ ਵਿੱਚ ਖੇਤੀ ਲਈ ਖਾਦਾਂ ਦੀ ਪੂਰੀ ਸਪਲਾਈ ਯਕੀਨੀ ਬਣਾਈ ਜਾਵੇ, ਯੂਰੀਆ ਖਾਦ ਦੀ ਕੀਮਤ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ, ਸਬਸਿਡੀ ਵਿੱਚ ਕੀਤੀ ਕਟੌਤੀ ਬਹਾਲ ਕੀਤੀ ਜਾਵੇ ਅਤੇ ਯੂਰੀਆ ਦੇ ਥੈਲੇ ਵਿੱਚ ਪੰਜ ਕਿਲੋ ਦੀ ਭਰਤੀ ਜੋ ਘੱਟ ਕੀਤੀ ਗਈ ਹੈ, ਉਸ ਨੂੰ ਪੂਰਾ 50 ਕਿਲੋ ਕੀਤਾ ਜਾਵੇ, ਡੀਜ਼ਲ/ ਪੈਟਰੋਲ ਅਤੇ ਰਸੋਈ ਗੈਸ ਦੇ ਵਧਾਏ ਹੋਏ ਰੇਟ ਰੱਦ ਕੀਤੇ ਜਾਣ, ਡੀਜ਼ਲ ਲੋੜ ਅਨੁਸਾਰ ਪੂਰਾ ਦਿੱਤਾ ਜਾਵੇ, ਜੰਗ ਕਾਰਨ ਵਧੀ ਹੋਈ ਮਹਿੰਗਾਈ ਦਾ ਭਾਰ ਲੋਕਾਂ ਸਿਰ ਪਾਉਣਾ ਬੰਦ ਕੀਤਾ ਜਾਵੇ,ਪੰਜਾਬ ਸਰਕਾਰ ਵੱਲੋਂ ਵਧੀ ਹੋਈ ਮਹਿੰਗਾਈ ਨੂੰ ਮੁੱਖ ਰੱਖਦਿਆਂ ਸੱਤ ਸਾਲਾਂ ਬਾਅਦ ਹੱਦ ਕਰਜ਼ੇ ਵਿੱਚ ਵਾਧਾ ਕੀਤਾ ਗਿਆ ਸੀ, ਪਰ ਕੋਆਪਰੇਟਿਵ ਬੈਂਕਾਂ ਦੇ ਕਰਮਚਾਰੀਆਂ ਦੇ ਦਬਾਅ ਹੇਠ ਆ ਕੇ ਇਹ ਵਾਧਾ ਰੱਦ ਕਰ ਦਿੱਤਾ ਗਿਆ। ਰੱਦ ਕੀਤੇ ਗਏ ਨਵੇਂ ਹੱਦ ਕਰਜ਼ੇ ਨੂੰ ਬਹਾਲ ਕਰ ਕੇ ਕਿਸਾਨਾਂ ਨੂੰ ਫਸਲੀ ਕਰਜ਼ੇ ਤੁਰੰਤ ਮੁਹੱਈਆ ਕਰਵਾਏ ਜਾਣ, ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਐਮ ਐਸ ਪੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+50% ਦੇ ਫਾਰਮੂਲੇ ਅਨੁਸਾਰ ਲਾਗੂ ਕੀਤੀ ਜਾਵੇ। ਐਮਐਸਪੀ ਤੋਂ ਘੱਟ ਖਰੀਦ ਕਰਨ ਨੂੰ ਸਜ਼ਾ ਯੋਗ ਅਪਰਾਧ ਐਲਾਨਿਆ ਜਾਵੇ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਭਜਨ ਸਿੰਘ ਘੁੰਮਣ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਲਾਲ ਚੰਦ ਸਰਦੂਲਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੂਟਾ ਸਿੰਘ ਬੁਰਜ ਗਿੱਲ ਦੇ ਜਿਲ੍ਹਾ ਜਨਰਲ ਸਕੱਤਰ ਲਛਮਣ ਸਿੰਘ ਚੱਕ ਅਲੀਸ਼ੇਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਵਿੱਤ ਸਕੱਤਰ ਨਿਰਮਲ ਸਿੰਘ ਝੰਡੂਕੇ, ਪੰਜਾਬ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਰੂਪ ਸਿੰਘ ਭੀਖੀ, ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਜਿਲ੍ਹਾ ਪ੍ਰਧਾਨ ਮਲਕੀਤ ਸਿੰਘ ਜੋੜਕੀਆ ਆਦਿ ਹਾਜ਼ਰ ਸਨ।
ਖ਼ਬਰਾਂ
"ਸੰਯੁਕਤ ਕਿਸਾਨ ਮੋਰਚੇ" ਦੇ ਸੱਦੇ ਉੱਤੇ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਸ਼ੁਰੂ
* ਕਿਸਾਨੀ ਸੰਘਰਸ਼
2 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



