ਮੋਗਾ, 24 ਅਕਤੂਬਰ ( ਜਸ਼ਨ ) : ਸ਼ਹਿਰ ਦੇ ਵਾਰਡ ਨੰਬਰ 50 ਦੇ ਉੱਤਰੀ ਸੂਰਜ ਨਗਰ ਵਿੱਚ ਅੱਜ ਸੜਕ ਬਣਾਉਣ ਦੇ ਕੰਮ ਤਹਿਤ ਪੀ.ਸੀ. (ਪ੍ਰੀਮਿਕਸ ਕਾਰਪੇਟਿੰਗ) ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਵਿਕਾਸ ਕਾਰਜ ਦੀ ਸ਼ੁਰੂਆਤ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ। ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਡਿਪਟੀ ਮੇਅਰ ਗੌਰਵ ਗਰਗ, ਵਾਰਡ ਇੰਚਾਰਜ ਲਖਵਿੰਦਰ ਸਿੰਘ ਲੱਖਾ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਕਾਕਾ, ਕੌਂਸਲਰ ਤੀਰਥ ਰਾਮ, ਕੌਂਸਲਰ ਦਵਿੰਦਰ ਤਿਵਾੜੀ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਚੰਗੀਆਂ ਸੜਕਾਂ ਨਾਲ ਨਾ ਸਿਰਫ਼ ਲੋਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲਦੀ ਹੈ, ਸਗੋਂ ਇਲਾਕੇ ਦੀ ਸਮੁੱਚੀ ਵਿਵਸਥਾ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਾਰਡ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਅੱਗੇ ਵਧਾਏ ਜਾ ਰਹੇ ਹਨ। ਉਨ੍ਹਾਂ ਦਾ ਯਤਨ ਹੈ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਨ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ ਲਈ ਭਵਿੱਖ ਵਿੱਚ ਵੀ ਪੂਰੀ ਵਚਨਬੱਧਤਾ ਨਾਲ ਕੰਮ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਹਾਜ਼ਰ ਲੋਕਾਂ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ’ਤੇ ਖ਼ੁਸ਼ੀ ਪ੍ਰਗਟਾਈ ਅਤੇ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਦੇ ਯਤਨਾਂ ਦੀ ਸ਼ਲਾਘਾ ਕੀਤੀ।