ਮੋਗਾ ,22 ਜੁਲਾਈ (ਜਸ਼ਨ )ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਮੀਟਿੰਗ 26 ਜੁਲਾਈ ਐਤਵਾਰ ਨੂੰ ਮੋਗਾ ਦੇ ਕਸਬਾ ਬੱਧਨੀ ਕਲਾਂ ਵਿੱਚ ਹੋਵੇਗੀ। ਇਸ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਮਨੋਜ ਭੱਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਮੀਟਿੰਗ ਵਿਚ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਸੰਤੋਖ ਗਿੱਲ ਤੋਂ ਇਲਾਵਾ ਪੰਜਾਬ ਭਰ ਦੇ ਨੁਮਾਇੰਦੇ ਭਾਗ ਲੈਣਗੇ। ਉਨ੍ਹਾਂ ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ ਕਸਬਾ ਬੱਧਨੀ ਕਲਾਂ ਦੇ ਹਰਤਾਜ ਵਿੱਲਾ ਹੋਟਲ ਵਿਚ ਸਵੇਰੇ ਠੀਕ 11 ਵਜੇ ਸ਼ੁਰੂ ਹੋਵੇਗੀ। ਪ੍ਰਧਾਨ ਭੱਲਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ, ਰਾਜ ਭਰ ਵਿੱਚ ਪਿਛਲੇ ਸਮੇਂ ਦੀਆਂ ਸਰਗਰਮੀਆਂ, ਬੰਗਲੌਰ (ਕਰਨਾਟਕ) ਵਿਚ 8-9 ਅਗਸਤ ਨੂੰ ਹੋਣ ਵਾਲੀ ਦੋ ਰੋਜ਼ਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਤੋਂ ਇਲਾਵਾ ਭਵਿੱਖ ਦੀ ਯੋਜਨਾਬੰਦੀ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ।