ਕੋਟ ਈਸੇ ਖਾਂ, 2 ਅਕਤੂਬਰ (ਜਸ਼ਨ ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਦੇਸ਼ ਦੀਆਂ ਚੋਣ ਪ੍ਰਕਿਰਿਆਵਾਂ ਅਤੇ ਲੋਕਤੰਤਰਿਕ ਅਧਿਕਾਰਾਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਭਾਰਤੀ ਚੋਣ ਕਮਿਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪੀਰਮੁਹੰਮਦ ਨੇ ਇੰਡੀਆ ਗਠਜੋੜ ਵੱਲੋਂ ਪਹਿਲੀ ਵਾਰ ਖੁੱਲ੍ਹ ਕੇ ਬੈਲੇਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਕੀਤੀ ਗਈ ਮੰਗ ਦਾ ਪੂਰਨ ਸਮਰਥਨ ਕੀਤਾ।
ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ, ਦੇਸ਼ ਦੇ ਲੋਕਾਂ ਦਾ ਈ.ਵੀ.ਐਮ ਪ੍ਰਣਾਲੀ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਇੱਕ ਨਿਰਪੱਖ ਅਤੇ ਪਾਰਦਰਸ਼ੀ ਲੋਕਤੰਤਰ ਲਈ ਇਹ ਲਾਜ਼ਮੀ ਹੈ ਕਿ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ, ਤਾਂ ਜੋ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ’ਤੇ ਪੂਰਾ ਭਰੋਸਾ ਹੋ ਸਕੇ। ਦੂਜੇ ਮੁੱਦੇ ’ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ’ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ’ ਨੂੰ ਇੱਕ ਸਿਆਸੀ ਪਾਰਟੀ ਵਜੋਂ ਰਜਿਸਟਰ ਨਾ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਇਸ ਫੈਸਲੇ ਨੂੰ ਪੱਖਪਾਤੀ ਅਤੇ ਲੋਕਤੰਤਰਿਕ ਨਿਯਮਾਂ ਦਾ ਘਾਣ ਕਰਾਰ ਦਿੱਤਾ। ਕਰਨੈਲ ਸਿੰਘ ਪੀਰਮੁਹੰਮਦ ਨੇ ਅੱਗੇ ਕਿਹਾ, "ਅੱਜ ਦੇਸ਼ ਦੀ ਆਜ਼ਾਦੀ, ਸੰਵਿਧਾਨ ਅਤੇ ਸਿਆਸੀ ਬਹੁਲਤਾਵਾਦ ਨੂੰ ਸਭ ਤੋਂ ਵੱਡਾ ਖ਼ਤਰਾ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਆਪਣੀ ਨਿਰਪੱਖਤਾ ਬਹਾਲ ਕਰੇ, ਬੈਲੇਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰੇ ਅਤੇ ਸਾਰੇ ਰਾਜਨੀਤਿਕ ਸਮੂਹਾਂ ਨੂੰ ਆਪਣੇ ਲੋਕਤੰਤਰਿਕ ਅਧਿਕਾਰਾਂ ਦੀ ਵਰਤੋਂ ਕਰਨ ਦਾ ਬਰਾਬਰ ਮੌਕਾ ਦੇਵੇ।