ਮਾਨਸਾ ਵਿੱਚ ਬੀਤੇ ਦਿਨੀਂ ਗੋਲੀ ਲੱਗਣ ਕਾਰਨ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਦੇ ਸਮਰਥਨ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅੱਜ ਮੋਗਾ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਕਾਰੋਬਾਰੀ ਗਤੀਵਿਧੀਆਂ ਠੱਪ ਨਜ਼ਰ ਆਈਆਂ। ਇਸੇ ਦੌਰਾਨ ਹੋਰਨਾਂ ਜਥੇਬੰਦੀਆਂ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ।
ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੰਦ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।
ਇਸ ਦੌਰਾਨ ਬਾਜ਼ਾਰ ਬੰਦ ਕਰਵਾਉਣ ਲਈ ਪਹੁੰਚੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਸਮਰਥਕਾਂ ਨੂੰ ਮੋਗਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹਿਰਾਸਤ ਵਿੱਚ ਲੈ ਲਿਆ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ।
ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪੁਲਿਸ ਵੱਲੋਂ ਹਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਫਿਲਹਾਲ ਮੋਗਾ ਵਿੱਚ ਸਥਿਤੀ ਸ਼ਾਂਤੀਪੂਰਨ ਬਣੀ ਹੋਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਅਤੇ ਜ਼ਿਲ੍ਹੇ ਦੇ ਹੋਰਨਾਂ ਇਲਾਕਿਆਂ ਵਿੱਚ ਹਾਲਾਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।




