ਤਰਨ ਤਾਰਨ, 5 ਜੁਲਾਈ (ਅਮਿਤ ਮਰਵਾਹਾ) ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਣ ਉਪਰੰਤ ਡਾ. ਸੰਦੀਪ ਧਵਨ ਦਾ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀਸੀਐਮਐਸ) ਐਸੋਸੀਏਸ਼ਨ, ਤਰਨ ਤਾਰਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਨਗੀਆਂ।

ਪੀਸੀਐਮਐਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਐਸ.ਐਮ.ਓ. ਤਰਨ ਤਾਰਨ ਡਾ. ਸੁਰਿੰਦਰ ਕੁਮਾਰ, ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ (ਏ.ਸੀ.ਐਸ.), ਉਪ ਪ੍ਰਧਾਨ ਡਾ. ਸੁਖਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਡਾਕਟਰ ਹਾਜ਼ਰ ਰਹੇ। ਅਹੁਦੇਦਾਰਾਂ ਨੇ ਕਿਹਾ ਕਿ ਡਾ. ਸੰਦੀਪ ਧਵਨ ਦਾ ਪ੍ਰਸ਼ਾਸਕੀ ਤਜਰਬਾ ਅਤੇ ਸਿਹਤ ਖੇਤਰ ਪ੍ਰਤੀ ਸਮਰਪਣ ਜ਼ਿਲ੍ਹੇ ਦੀ ਸਿਹਤ ਵਿਵਸਥਾ ਨੂੰ ਹੋਰ ਮਜ਼ਬੂਤੀ ਦੇਵੇਗਾ।

ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਰਿੰਦਰ ਕੁਮਾਰ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀਸੀਐਮਐਸ ਐਸੋਸੀਏਸ਼ਨ ਹਮੇਸ਼ਾ ਸਿਹਤ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਲਈ ਹਰ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ ਨੇ ਕਿਹਾ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਸਾਂਝੀ ਕੋਸ਼ਿਸ਼ ਨਾਲ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਪ ਪ੍ਰਧਾਨ ਡਾ. ਸੁਖਪ੍ਰੀਤ ਸਿੰਘ ਨੇ ਕਿਹਾ ਕਿ ਮਰੀਜ਼ਾਂ ਨੂੰ ਗੁਣਵੱਤਾ ਭਰੀਆਂ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਡਾ. ਸੰਦੀਪ ਧਵਨ ਨੇ ਪੀਸੀਐਮਐਸ ਐਸੋਸੀਏਸ਼ਨ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਉਣਾ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।

ਸਮਾਗਮ ਦੌਰਾਨ ਡਾਕਟਰਾਂ ਨੇ ਨਵੇਂ ਸਿਵਲ ਸਰਜਨ ਨਾਲ ਜ਼ਿਲ੍ਹੇ ਦੀ ਸਿਹਤ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ।