ਮੋਗਾ, 19 ਸਤੰਬਰ (ਜਸ਼ਨ ) ਕਾਂਗਰਸ ਪਾਰਟੀ ਦੀ ਮੋਗਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਸੂਬੇ ਵਿਚ ਆਪਣੀ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਤਾਲਮੇਲ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਹਾਲ ਹੀ ਵਿਚ ਚੰਡੀਗੜ੍ਹ ਵਿਖੇ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਏ ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਵੱਖ-ਵੱਖ ਸੀਨੀਅਰ ਆਗੂਆਂ ਦੀ ਸ਼ਮੂਲੀਅਤ ਰਹੀ। ਇਸ ਮੌਕੇ ਸਚਿਨ ਪਾਇਲਟ, ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਆਗੂ ਇਕ ਮੰਚ ’ਤੇ ਨਜ਼ਰ ਆਏ। ਉਨ੍ਹਾਂ ਇਸ ਨੂੰ ਪਾਰਟੀ ਦੀ ਏਕਤਾ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਆਗੂ ਅਤੇ ਵਰਕਰ ਮਿਲ ਕੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਣਗੇ। ਸੂਦ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਤਸੁਕ ਹਨ ਅਤੇ ਉਹ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿਚ ਜ਼ਮੀਨੀ ਪੱਧਰ ’ਤੇ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਮੋਗਾ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕਾਂਗਰਸ ਹਾਈਕਮਾਂਡ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੜ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰੇਗੀ ਅਤੇ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।