ਮੋਗਾ ,2 ਜੂਨ (ਗੁਰਜੰਟ ਸਿੰਘ )ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਾਬਕਾ ਵਿਧਾਇਕ ਨੇ ਹੜਤਾਲ ’ਤੇ ਬੈਠੇ ਪੰਜਾਬ ਦੇ ਸੇਵਾ ਕੇਂਦਰ ਕਰਮਚਾਰੀਆਂ ਦੇ ਅੰਦੋਲਨ ਨੂੰ ਆਪਣਾ ਸਮਰਥਨ ਦਿੰਦਿਆਂ ਪੰਜਾਬ ਸਰਕਾਰ ’ਤੇ ਕਰਮਚਾਰੀਆਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਲਾਂ ਤੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੇ ਕਰਮਚਾਰੀ ਅੱਜ ਆਪਣੇ ਹੱਕਾਂ ਲਈ ਸੜਕਾਂ ’ਤੇ ਬੈਠਣ ਲਈ ਮਜਬੂਰ ਹਨ, ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਚੁੱਪੀ ਸਾਧੀ ਬੈਠੀ ਹੈ। ਡਾ. ਹਰਜੋਤ ਕਮਲ ਨੇ ਇਹ ਵੀ ਸਵਾਲ ਉਠਾਇਆ ਕਿ ਇੰਨੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੇ ਬਾਵਜੂਦ ਅਜੇ ਤੱਕ ਕੋਈ ਹੋਰ ਵੱਡਾ ਰਾਜਨੀਤਿਕ ਦਲ ਕਰਮਚਾਰੀਆਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਕਿਉਂ ਨਹੀਂ ਆਇਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਰੋਜ਼ਗਾਰ ਸੁਰੱਖਿਆ, ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵੱਲ ਕੋਈ ਢੰਗ ਦਾ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਸਰਕਾਰ ਤੋਂ ਤੁਰੰਤ ਸੇਵਾ ਕੇਂਦਰ ਕਰਮਚਾਰੀਆਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ। ਇਸ ਦੌਰਾਨ ਹੜਤਾਲੀ ਸੇਵਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੁਹਰਾਉਂਦਿਆਂ ਕਿਹਾ ਕਿ ਕਈ ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਸਰਕਾਰ ਨੇ ਹਾਲ ਹੀ ਵਿੱਚ ਕੁਝ ਸ਼੍ਰੇਣੀਆਂ ਦੇ ਆਉਟਸੋਰਸ ਅਤੇ ਕੰਪਨੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਘੋਸ਼ਣਾ ਕੀਤੀ ਹੈ, ਪਰ ਸੇਵਾ ਕੇਂਦਰ ਕਰਮਚਾਰੀਆਂ ਨੂੰ ਇਸ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ, ਜੋ ਉਨ੍ਹਾਂ ਨਾਲ ਨਾਇਨਸਾਫ਼ੀ ਹੈ। ਕਰਮਚਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਰੈਗੂਲਰ ਕਰਮਚਾਰੀਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਵੇ। ਕਰਮਚਾਰੀਆਂ ਨੇ ਦੱਸਿਆ ਕਿ ਉਹ ਸੂਬੇ ਭਰ ਵਿੱਚ 430 ਤੋਂ ਵੱਧ ਸਰਕਾਰੀ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾ ਰਹੇ ਹਨ, ਪਰ ਇਸ ਦੇ ਬਦਲੇ ਉਨ੍ਹਾਂ ਨੂੰ ਕੇਵਲ 10 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ “ਇੱਕੋ ਕੰਮ ਲਈ ਇੱਕੋ ਤਨਖਾਹ” ਦੇ ਸਿਧਾਂਤ ਅਨੁਸਾਰ ਉਨ੍ਹਾਂ ਨੂੰ ਵੀ 40 ਤੋਂ 45 ਹਜ਼ਾਰ ਰੁਪਏ ਮਹੀਨਾ ਤਨਖਾਹ ਮਿਲਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਸੇਵਾ ਕੇਂਦਰ ਪ੍ਰੋਜੈਕਟ ਚਲਾ ਰਹੀ ਨਿੱਜੀ ਕੰਪਨੀ ’ਤੇ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਕਰਮਚਾਰੀਆਂ ਨੂੰ ਧਮਕਾਇਆ ਜਾ ਰਿਹਾ ਹੈ, ਮਾਨਸਿਕ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਪੁਰਾਣੇ ਕਰਮਚਾਰੀਆਂ ਨੂੰ ਹਟਾ ਕੇ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਕਰਮਚਾਰੀਆਂ ਨੇ ਨਵੀਆਂ ਭਰਤੀਆਂ ’ਤੇ ਤੁਰੰਤ ਰੋਕ ਲਗਾਉਣ ਅਤੇ ਨਿਕਾਲੇ ਗਏ ਕਰਮਚਾਰੀਆਂ ਨੂੰ ਮੁੜ ਨੌਕਰੀ ’ਤੇ ਬਹਾਲ ਕਰਨ ਦੀ ਮੰਗ ਕੀਤੀ। ਕਰਮਚਾਰੀਆਂ ਦਾ ਦੋਸ਼ ਹੈ ਕਿ ਸੇਵਾ ਕੇਂਦਰਾਂ ਦੀ ਪੂਰੀ ਪ੍ਰਣਾਲੀ ਇੱਕ ਨਿੱਜੀ ਕੰਪਨੀ ਰਾਹੀਂ ਚਲਾਈ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦਾ ਲਗਾਤਾਰ ਆਰਥਿਕ ਅਤੇ ਪ੍ਰਸ਼ਾਸਨਿਕ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੰਪਨੀ ਦੀ ਭੂਮਿਕਾ ਦੀ ਜਾਂਚ ਕਰਕੇ ਉਸ ਦੇ ਖ਼ਿਲਾਫ਼ ਲਾਜ਼ਮੀ ਕਾਰਵਾਈ ਕੀਤੀ ਜਾਵੇ ਅਤੇ ਸੇਵਾ ਕੇਂਦਰਾਂ ਦਾ ਸੰਚਾਲਨ ਸਿੱਧਾ ਸਰਕਾਰੀ ਨਿਯੰਤਰਣ ਹੇਠ ਲਿਆਂਦਾ ਜਾਵੇ। ਹੜਤਾਲੀ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ’ਤੇ ਜਲਦੀ ਕੋਈ ਸਕਾਰਾਤਮਕ ਫੈਸਲਾ ਨਾ ਲਿਆ ਗਿਆ ਤਾਂ ਆੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਤਨਖਾਹ ਜਾਂ ਨੌਕਰੀ ਦੀ ਨਹੀਂ, ਸਗੋਂ ਇੱਜ਼ਤ ਅਤੇ ਹੱਕਾਂ ਦੀ ਵੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਅਧੂਰਾ ਨਹੀਂ ਛੱਡਿਆ ਜਾਵੇਗਾ। ਇਸ ਮੌਕੇ ’ਤੇ ਪ੍ਰਧਾਨ ਦਵਿੰਦਰ ਬਾਂਸਲ, ਉਪ ਪ੍ਰਧਾਨ ਅਵਤਾਰ ਸਿੰਘ, ਰਮਨਦੀਪ ਸਿੰਘ ਬਰਾੜ , ਸੰਦੀਪ ਸਿੰਘ, ਜਗਜੀਤ ਸਿੰਘ, ਤੇਜਿੰਦਰ ਸਿੰਘ, ਕੈਸ਼ੀਅਰ ਸ਼ਰਨਬੀਰ ਸਿੰਘ, ਮੀਡੀਆ ਸਲਾਹਕਾਰ ਜੰਬਾਜ਼ ਸਿੰਘ, ਕਰਨਵੀਰ ਸਿੰਘ ਅਤੇ ਹੈੱਪੀ ਕੋਕਰੀ ਸਮੇਤ ਵੱਡੀ ਗਿਣਤੀ ਵਿੱਚ ਸੇਵਾ ਕੇਂਦਰ ਕਰਮਚਾਰੀ ਮੌਜੂਦ ਸਨ।