*ਵਾਰਡ ਨੰਬਰ 28 ਸਥਿਤ ਪਹਾੜਾ ਸਿੰਘ ਚੌਂਕ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਨਵੇਂ ਟਿਊਬਵੈੱਲ ਬੋਰ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਉਦਘਾਟਨ
ਮੋਗਾ, 11 ਜੁਲਾਈ (ਜਸ਼ਨ ) – ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾ ਰਹੀ ਹੈ। ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ, ਬਿਹਤਰ ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਲਗਾਤਾਰ ਜਾਰੀ ਹਨ। ਇਨ੍ਹਾਂ ਹੀ ਯਤਨਾਂ ਤਹਿਤ ਵਾਰਡ ਨੰਬਰ 28 ਸਥਿਤ ਪਹਾੜਾ ਸਿੰਘ ਚੌਂਕ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਨਵੇਂ ਟਿਊਬਵੈੱਲ ਬੋਰ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੇਅਰ ਵਿਨੇਪਾਲ ਕੌਰ ਨਾਲ ਮਿਲ ਕੇ ਉਦਘਾਟਨ ਕੀਤਾ। ਇਸ ਟਿਊਬਵੈੱਲ ਦੇ ਚਾਲੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਘਰਾਂ ਤੱਕ ਸਾਫ਼ ਅਤੇ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣੇਗੀ।
ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਰਜੀਹੀ ਆਧਾਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਸੇਵਾ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਲੋਕਾਂ ਦੇ ਭਰੋਸੇ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਵਚਨਬੱਧ ਹੈ।
ਇਸ ਮੌਕੇ ਨਗਰ ਨਿਗਮ ਮੋਗਾ ਦੀ ਮੇਅਰ ਵਿਨੇਪਾਲ ਕੌਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਡਿਪਟੀ ਮੇਅਰ ਰਾਕੇਸ਼ ਬਜਾਜ, ਐਮ.ਸੀ. ਗੁਰਵਿੰਦਰ ਕੌਰ, ਸਾਬਕਾ ਐਮ.ਸੀ. ਛਿੰਦਾ ਬਰਾੜ, ਹਿੰਮਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।