ਬਾਘਾ ਪੁਰਾਣਾ, 1 ਨਵੰਬਰ (ਜਸ਼ਨ ) ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਕੱਤਰ ਅਤੇ ਸੀਨੀਅਰ ਭਾਜਪਾ ਆਗੂ ਸੁਖਜਿੰਦਰ ਸਿੰਘ ਵਾਂਦਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ, ਅਮਨ-ਸ਼ਾਂਤੀ ਦੀ ਬਹਾਲੀ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਕੇਂਦਰ ਦੀ ਤਰਜ਼ ’ਤੇ ਪੰਜਾਬ ਵਿਚ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਕਈ ਸਾਲਾਂ ਤੋਂ ਸਿਆਸੀ ਅਸਥਿਰਤਾ ਅਤੇ ਵਿਕਾਸ ਦੀ ਘਾਟ ਨਾਲ ਜੂਝ ਰਿਹਾ ਹੈ। ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਸਮੇਤ ਸਮਾਜ ਦਾ ਹਰ ਵਰਗ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹੈ। ਅਜਿਹੇ ਸਮੇਂ ਭਾਜਪਾ ਹੀ ਸੂਬੇ ਨੂੰ ਵਿਕਾਸ ਦੀ ਸਹੀ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀ ’ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਵਿਸ਼ਵਾਸ’ ’ਤੇ ਆਧਾਰਿਤ ਹੈ, ਜਿਸ ਤਹਿਤ ਹਰ ਵਰਗ ਦੀ ਭਲਾਈ ਨੂੰ ਤਰਜੀਹ ਦਿੱਤੀ ਜਾਂਦੀ ਹੈ। ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਭਰ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ। ਸੜਕਾਂ, ਰੇਲਵੇ, ਸਿਹਤ ਸਹੂਲਤਾਂ, ਸਿੱਖਿਆ ਅਤੇ ਡਿਜੀਟਲ ਕ੍ਰਾਂਤੀ ਦੇ ਖੇਤਰ ਵਿਚ ਹੋਏ ਕੰਮ ਇਸ ਦੀ ਮਿਸਾਲ ਹਨ। ਜੇਕਰ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸੂਬੇ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਉਣ ਵਿਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਪਾਰਟੀਆਂ ਨੇ ਲੋਕਾਂ ਨਾਲ ਵਾਅਦੇ ਤਾਂ ਬਹੁਤ ਕੀਤੇ, ਪਰ ਉਨ੍ਹਾਂ ਨੂੰ ਅਮਲੀ ਰੂਪ ਦੇਣ ਵਿਚ ਨਾਕਾਮ ਰਹੀਆਂ। ਪੰਜਾਬ ਨੂੰ ਹੁਣ ਝੂਠੇ ਵਾਅਦਿਆਂ ਦੀ ਨਹੀਂ, ਸਗੋਂ ਠੋਸ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ਦੇ ਹੱਲ ਲਈ ਮਜ਼ਬੂਤ ਇੱਛਾ ਸ਼ਕਤੀ ਵਾਲੀ ਸਰਕਾਰ ਜ਼ਰੂਰੀ ਹੈ। ਅੰਤ ਵਿਚ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਦੇ ਹੱਕ ਵਿਚ ਫਤਵਾ ਦੇਣਗੇ ਅਤੇ ਸੂਬੇ ਵਿਚ ਕਮਲ ਦਾ ਫੁੱਲ ਖਿੜੇਗਾ।
ਖ਼ਬਰਾਂ
ਸਿਆਸੀ ਅਸਥਿਰਤਾ ਅਤੇ ਵਿਕਾਸ ਨੂੰ ਤਰਸ ਰਹੇ ਪੰਜਾਬ ਨੂੰ ਭਾਜਪਾ ਦੀ ਡਬਲ ਇੰਜਣ ਸਰਕਾਰ ਦੀ ਲੋੜ : ਸੁਖਜਿੰਦਰ ਸਿੰਘ ਵਾਂਦਰ
1 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



