ਮੋਗਾ, 3 ਨਵੰਬਰ (ਜਸ਼ਨ ) ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਕੌਮੀ ਆਗੂ ਰਾਹੁਲ ਗਾਂਧੀ ਵੱਲੋਂ 4 ਨਵੰਬਰ ਨੂੰ ਸੰਗਰੂਰ ਜ਼ਿਲੇ ਦੇ ਪਿੰਡ ਫੱਗੂਵਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਇਤਿਹਾਸ ਸਿਰਜੇਗੀ ਅਤੇ ਸੂਬੇ ਅੰਦਰ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਡਰੋਲੀ ਭਾਈ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਆਮ ਲੋਕਾਂ ਵਿਚ ਵੀ ਰੈਲੀ ਪ੍ਰਤੀ ਕਾਫ਼ੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ ਅਤੇ ਇਹ ਇਕੱਠ ਕਾਂਗਰਸ ਪਾਰਟੀ ਦੀ ਲੋਕਪ੍ਰਿਯਤਾ ਦਾ ਪ੍ਰਗਟਾਵਾ ਕਰੇਗਾ। ਜਸਪਾਲ ਸਿੰਘ ਡਰੋਲੀ ਭਾਈ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਦੇਸ਼ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੇ ਹੱਕਾਂ ਅਤੇ ਮਸਲਿਆਂ ਨੂੰ ਪੂਰੀ ਸੰਜੀਦਗੀ ਨਾਲ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਦੀਆਂ ਲੀਹਾਂ ’ਤੇ ਲਿਆਉਣਾ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਹੈ ਅਤੇ ਇਸੇ ਮਕਸਦ ਨਾਲ ਪਾਰਟੀ ਲੋਕਾਂ ਦੀ ਕਚਹਿਰੀ ਵਿਚ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰੈਲੀ ਦੌਰਾਨ ਪੰਜਾਬ ਦੇ ਕਈ ਪ੍ਰਮੁੱਖ ਸਿਆਸੀ ਆਗੂਆਂ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਸਬੰਧੀ ਚੱਲ ਰਹੀਆਂ ਚਰਚਾਵਾਂ ਵੀ ਲੋਕਾਂ ਵਿਚ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਸ ਰੈਲੀ ਨਾਲ ਪਾਰਟੀ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਤਿਆਰੀਆਂ ਨੂੰ ਵੀ ਨਵੀਂ ਦਿਸ਼ਾ ਅਤੇ ਗਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਮੋਗਾ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਵੱਡੇ ਕਾਫ਼ਲੇ ਰੈਲੀ ਵਿਚ ਸ਼ਮੂਲੀਅਤ ਕਰਨਗੇ। ਰੈਲੀ ਦੀ ਸਫਲਤਾ ਲਈ ਮਾਲਵਿਕਾ ਸੂਦ ਵੱਲੋਂ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੋਗਾ ਹਲਕੇ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ।