ਮੋਗਾ , 2 ਨਵੰਬਰ (ਜਸ਼ਨ ) ਕਾਂਗਰਸ ਪਾਰਟੀ ਦੇ ਕੌਮੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਇਤਿਹਾਸਕ ਹੋਵੇਗੀ ਅਤੇ ਇਹ ਰੈਲੀ ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਮੋਗਾ ਤੋਂ ਸੰਭਾਵੀ ਉਮੀਦਵਾਰ ਪਰਮਪਾਲ ਸਿੰਘ ਤਖਤੂਪੁਰਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਤੋਂ ਕਾਫ਼ੀ ਉਮੀਦਾਂ ਹਨ ਅਤੇ ਪਾਰਟੀ ਦੀ ਲੀਡਰਸ਼ਿਪ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਸਾਬਕਾ ਚੇਅਰਮੈਨ ਤਖਤੂਪੁਰਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਆਮਦ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਪੋ-ਆਪਣੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਨਹੀਂ ਹੋਵੇਗੀ, ਸਗੋਂ ਇਹ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਦਿਸ਼ਾ ਅਤੇ ਨਵਾਂ ਜੋਸ਼ ਪੈਦਾ ਕਰਨ ਵਾਲੀ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰਿਕ ਕਦਰਾਂ-ਕੀਮਤਾਂ, ਲੋਕ ਹਿੱਤਾਂ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੰਘਰਸ਼ ਕਰਦੀ ਆਈ ਹੈ। ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰਾਹੁਲ ਗਾਂਧੀ ਦੀ ਵਿਸ਼ਾਲ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਅਤੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ, ਤਾਂ ਜੋ ਰੈਲੀ ਨੂੰ ਯਾਦਗਾਰੀ ਅਤੇ ਸਫ਼ਲ ਬਣਾਇਆ ਜਾ ਸਕੇ।