ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਵਿਰੋਧ ਦਾ ਅੰਦਾਜ਼

ਜ਼ੀਰਾ 6 ਸਤੰਬਰ (ਤੀਰਥ ਸਨੇਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਜ਼ੀਰਾ ਦੌਰੇ ਨੂੰ ਲੈ ਕੇ ਹਲਕੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ। ਮੁੱਖ ਮੰਤਰੀ ਦੇ ਦੌਰੇ ਦੌਰਾਨ ਕਾਂਗਰਸ ਪਾਰਟੀ ਵੱਲੋਂ ਤਿੱਖੇ ਵਿਰੋਧ ਦਾ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ’ਤੇ ਜ਼ੀਰਾ ਪਹੁੰਚੇ, ਜਿੱਥੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਿਹਾਇਸ਼ ਨੇੜੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਮਰਥਕ ਇਕੱਠੇ ਹੋਏ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ੀਰਾ ਆਗਮਨ ਦੇ ਵਿਰੋਧ ਵਿੱਚ ਕਾਲੇ ਝੰਡੇ ਲਹਿਰਾਏ। ਇਕੱਠ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਲੋਕਤੰਤਰਿਕ ਢੰਗ ਨਾਲ ਆਪਣੀ ਗੱਲ ਰੱਖਣ ਵਾਲੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਰਕਾਰ ਦੇ ਵਿਰੋਧ ਵਿੱਚ ਕਾਲਾ ਝੰਡਾ ਦਿਖਾਉਂਦਾ ਹੈ ਤਾਂ ਉਸ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਸ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਰਾਜਾ ਵੜਿੰਗ ਨੇ ਹਾਲ ਹੀ ਵਿੱਚ ਕਾਲਾ ਝੰਡਾ ਦਿਖਾਉਣ ਵਾਲੇ ਇੱਕ ਨੌਜਵਾਨ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਵਿਹਾਰ ਦਾ ਜ਼ਿਕਰ ਕਰਦਿਆਂ ਇਸ ਨੂੰ ਧੱਕੇਸ਼ਾਹੀ ਕਰਾਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਸਬੰਧੀ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਸਬੰਧਤ ਨੌਜਵਾਨ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। ਵੜਿੰਗ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੁੱਖ ਮੰਤਰੀ ਦੇ ਦੌਰਿਆਂ ਦੌਰਾਨ ਕਾਲੇ ਝੰਡੇ ਦਿਖਾ ਕੇ ਸ਼ਾਂਤਮਈ ਵਿਰੋਧ ਦਰਜ ਕਰਵਾਇਆ ਜਾਵੇਗਾ।
ਕਾਂਗਰਸ ਪ੍ਰਧਾਨ ਨੇ ਪੰਜਾਬ ਵਿਚ ਵੱਧ ਰਹੀਆਂ ਗੈਂਗਸਟਰ ਗਤੀਵਿਧੀਆਂ ਅਤੇ ਕਥਿਤ ਫਿਰੌਤੀ ਦੀਆਂ ਕਾਲਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜ਼ੀਰਾ, ਮੱਖੂ ਅਤੇ ਤਰਨ ਤਾਰਨ ਸਮੇਤ ਸਰਹੱਦੀ ਪੱਟੀ ਦੇ ਕਈ ਇਲਾਕਿਆਂ ਵਿੱਚ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਈ ਲੋਕਾਂ ਨੂੰ ਫਿਰੌਤੀ ਲਈ ਫੋਨ ਆ ਰਹੇ ਹਨ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਰਾਜ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਕਈ ਸਵਾਲ ਉਠਾਏ ਸਨ, ਪਰ ਹੁਣ ਕਾਂਗਰਸ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਾਣੇ ਬਿਆਨਾਂ ਦੀ ਯਾਦ ਦਿਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੀਆਂ ਹੋਰ ਗੰਭੀਰ ਸਮੱਸਿਆਵਾਂ ’ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਦੌਰਾਨ ਵੜਿੰਗ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਲੜਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਜ਼ੀਰਾ ਤੋਂ ਮੁੱਖ ਮੰਤਰੀ ਦੇ ਵਿਰੋਧ ਵਿੱਚ ਕਾਲੇ ਝੰਡੇ ਦਿਖਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਾਂਗਰਸੀ ਵਰਕਰ ਲੋਕਤੰਤਰਿਕ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਰਕਾਰ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਅਹੁਦੇਦਾਰ, ਵਰਕਰ ਹਾਜ਼ਰ ਸਨ।