ਜਗਰਾਉਂ/ਮੁੱਲਾਂਪੁਰ ਦਾਖਾ 27 ਜੁਲਾਈ( ਗੁਰਕੀਰਤ ਸਿੰਘ ) ਥਾਣਾ ਸੁਧਾਰ ਵਿੱਚ ਤਾਇਨਾਤ ਇੰਸਪੈਕਟਰ ਸਾਹਿਬਮੀਤ ਸਿੰਘ ਖ਼ਿਲਾਫ਼ ਇੱਕ ਮਹਿਲਾ ਪੁਲਿਸ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਜਬਰ-ਜਨਾਹ, ਬਲੈਕਮੇਲ, ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਜ਼ਬਰਦਸਤੀ ਗਰਭਪਾਤ ਕਰਵਾਉਣ ਸਮੇਤ ਗੰਭੀਰ ਦੋਸ਼ਾਂ ਤਹਿਤ ਥਾਣਾ ਦਾਖਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਦੇ ਨਿਰਦੇਸ਼ਾਂ 'ਤੇ ਮੁਲਜ਼ਮ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਤੋਂ ਹੀ ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਸ਼ਿਕਾਇਤਕਰਤਾ ਮਹਿਲਾ ਪੁਲਿਸ ਅਧਿਕਾਰੀ ਨੇ ਦੋਸ਼ ਲਾਇਆ ਹੈ ਕਿ ਸਾਲ 2023 ਦੌਰਾਨ ਇੰਸਟਾਗ੍ਰਾਮ ਰਾਹੀਂ ਉਸ ਦੀ ਸਾਹਿਬਮੀਤ ਸਿੰਘ ਨਾਲ ਜਾਣ-ਪਛਾਣ ਹੋਈ ਸੀ। ਨਵੰਬਰ 2023 ਵਿੱਚ ਮੁਲਜ਼ਮ ਨੇ ਉਸ ਨੂੰ ਮੁੱਲਾਂਪੁਰ ਬੁਲਾਇਆ ਅਤੇ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਕਥਿਤ ਤੌਰ 'ਤੇ ਨਸ਼ੀਲੀ ਕੌਫ਼ੀ ਪਿਲਾ ਕੇ ਉਸ ਨਾਲ ਜਬਰ-ਜਨਾਹ ਕੀਤਾ।
ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਉਸ ਦੀਆਂ ਇਤਰਾਜ਼ਯੋਗ ਵੀਡੀਓ ਬਣਾਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦਿੱਤੀ। ਇਸ ਤੋਂ ਇਲਾਵਾ ਲਾਇਸੈਂਸੀ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਨੂੰ ਲਗਾਤਾਰ ਬਲੈਕਮੇਲ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ 'ਤੇ ਕਈ ਵਾਰ ਜਬਰ-ਜਨਾਹ ਕੀਤਾ ਗਿਆ।
ਮਹਿਲਾ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਾਇਆ ਹੈ ਕਿ ਉਸ ਦਾ ਵਿਆਹ ਸਾਲ 2022 ਵਿੱਚ ਹੋਇਆ ਸੀ, ਪਰ ਮੁਲਜ਼ਮ ਨੇ ਵੀਡੀਓ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ਨੂੰ ਭੇਜਣ ਦੀ ਧਮਕੀ ਦੇ ਕੇ ਉਸ 'ਤੇ ਤਲਾਕ ਲੈਣ ਲਈ ਦਬਾਅ ਬਣਾਇਆ, ਜਿਸ ਕਾਰਨ ਉਸ ਦਾ ਵਿਆਹ ਟੁੱਟ ਗਿਆ।
ਸ਼ਿਕਾਇਤਕਰਤਾ ਦਾ ਇਹ ਵੀ ਦੋਸ਼ ਹੈ ਕਿ ਮੁਲਜ਼ਮ ਨੇ ਤਿੰਨ ਵਾਰ ਉਸ ਦਾ ਗਰਭਪਾਤ ਕਰਵਾਇਆ। ਉਸ ਨੇ ਇਹ ਮਾਮਲਾ ਮੁਲਜ਼ਮ ਦੀ ਮਾਤਾ ਦੇ ਧਿਆਨ ਵਿੱਚ ਵੀ ਲਿਆਂਦਾ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।