ਤਰਨਤਾਰਨ 25 ਅਗਸਤ (ਅਮਿਤ ਮਰਵਾਹਾ)— ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਸੂਬੇ ਦੇ ਭਵਿੱਖ ਨੂੰ ਲੈ ਕੇ ਵਾਰਿਸ ਪੰਜਾਬ ਦੇ ਅਕਾਲੀ ਦਲ ਦੇ ਸੀਨੀਅਰ ਆਗੂ ਹਰਪਾਲ ਸਿੰਘ ਤੱਖੂ ਚੱਕ ਨੇ ਪੰਜਾਬ ਵਾਸੀਆਂ ਨੂੰ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
ਹਰਪਾਲ ਸਿੰਘ ਤੱਖੂ ਚੱਕ ਨੇ ਕਿਹਾ ਕਿ 28 ਅਗਸਤ ਦਾ ਦਿਨ ਪੰਜਾਬ ਦੀ ਸਿਆਸੀ ਦਿਸ਼ਾ ਲਈ ਅਹਿਮ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਨਵੀਂ ਸੋਚ, ਨਵੇਂ ਦੌਰ ਅਤੇ ਨਵੀਂ ਦਿਸ਼ਾ ਦੀ ਲੋੜ ਹੈ, ਜਿਸ ਲਈ ਪੰਜਾਬ ਦੇ ਲੋਕਾਂ ਦੀ ਇਕਜੁੱਟਤਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ “ਆਓ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਇਕੱਠੇ ਹੋਈਏ ਅਤੇ ਇੱਕ ਨਵੇਂ ਪੰਜਾਬ ਤੇ ਨਵੇਂ ਦੌਰ ਦੀ ਸ਼ੁਰੂਆਤ ਕਰੀਏ।” ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਨੂੰ ਸਿਰਫ ਇੱਕ ਸਿਆਸੀ ਇਕੱਠ ਨਾ ਸਮਝਣ, ਸਗੋਂ ਪੰਜਾਬ ਦੇ ਭਵਿੱਖ ਨਾਲ ਜੁੜੇ ਇੱਕ ਮਹੱਤਵਪੂਰਨ ਪੜਾਅ ਵਜੋਂ ਵੇਖਣ।
ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਉਮੀਦਾਂ ਨੂੰ ਮੁੱਖ ਰੱਖਦਿਆਂ ਸੂਬੇ ਲਈ ਇੱਕ ਮਜ਼ਬੂਤ ਅਤੇ ਲੋਕ-ਪੱਖੀ ਦਿਸ਼ਾ ਤੈਅ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ।
ਹਰਪਾਲ ਸਿੰਘ ਤੱਖੂ ਚੱਕ ਨੇ ਕਿਹਾ ਕਿ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲਾ ਇਕੱਠ ਪੰਜਾਬ ਦੀ ਏਕਤਾ, ਹੱਕਾਂ ਅਤੇ ਨਵੇਂ ਭਵਿੱਖ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਬਾਬਾ ਬਕਾਲਾ ਸਾਹਿਬ ਪਹੁੰਚ ਕੇ ਇਸ ਮੌਕੇ ਨੂੰ ਕਾਮਯਾਬ ਬਣਾਉਣ।




