ਮੋਗਾ, 14 ਜੁਲਾਈ (ਜਸ਼ਨ ) ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਨਾਲ ਕੀਤੇ ਗਏ ਭਰੋਸਿਆਂ ਨੂੰ ਅਮਲੀ ਜਾਮਾ ਨਾ ਪਹਿਨਾਏ ਜਾਣ ਦੇ ਰੋਸ ਵਜੋਂ ਪੰਜਾਬ ਭਰ ਵਿਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਦਾ ਅਸਰ ਹੁਣ ਮੋਗਾ ਸ਼ਹਿਰ ਵਿਚ ਸਾਫ਼ ਤੌਰ ’ਤੇ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਥਾਵਾਂ ’ਤੇ ਕੂੜੇ ਦੇ ਵੱਡੇ-ਵੱਡੇ ਡੰਪ ਲੱਗ ਗਏ ਹਨ, ਜਿਸ ਕਾਰਨ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਨੂੰ ਝਟਕਾ ਲੱਗਿਆ ਹੈ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਸਬੰਧੀ ਮੋਗਾ ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਫਾਈ ਸੇਵਕ ਯੂਨੀਅਨ ਵੱਲੋਂ 8 ਜੁਲਾਈ ਤੋਂ ਮੁੜ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਮੋਗਾ ਸ਼ਹਿਰ ਦੇ ਹਾਲਾਤ ਦਿਨੋਂ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਕੋਨੇ ਵਿਚ ਕੂੜੇ ਦੇ ਅੰਬਾਰ ਲੱਗੇ ਹੋਏ ਹਨ, ਜਿਨ੍ਹਾਂ ਵਿੱਚੋਂ ਉੱਠ ਰਹੀ ਬਦਬੂ ਨੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਤੱਕ ਔਖਾ ਕਰ ਦਿੱਤਾ ਹੈ। ਕਈ ਥਾਵਾਂ ’ਤੇ ਲੋਕਾਂ ਲਈ ਕੂੜੇ ਦੇ ਡੰਪਾਂ ਕੋਲੋਂ ਲੰਘਣਾ ਵੀ ਮੁਸ਼ਕਲ ਬਣ ਗਿਆ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਫਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸੀ, ਜੋ 21 ਮਈ ਨੂੰ ਸਰਕਾਰ ਵੱਲੋਂ ਭਰੋਸਾ ਦਿੱਤੇ ਜਾਣ ਉਪਰੰਤ ਖਤਮ ਹੋਈ ਸੀ। ਉਸ ਸਮੇਂ ਵੀ ਮੋਗਾ ਸ਼ਹਿਰ ਵਿਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਠੱਪ ਹੋ ਗਿਆ ਸੀ ਅਤੇ ਕਈ ਦਿਨਾਂ ਦੀ ਮਿਹਨਤ ਤੋਂ ਬਾਅਦ ਹੀ ਸ਼ਹਿਰ ਨੂੰ ਮੁੜ ਸਾਫ਼-ਸੁਥਰਾ ਬਣਾਇਆ ਗਿਆ ਸੀ। ਪਰ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਨਾ ਕਰਨ ਕਾਰਨ ਸਫਾਈ ਸੇਵਕਾਂ ਨੂੰ ਮੁੜ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਦੀ ਵਾਅਦਾ ਖਿਲਾਫ਼ੀ ਦਾ ਨਤੀਜਾ ਹੈ। ਜੇਕਰ ਸਮੇਂ ਸਿਰ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਤਾਂ ਅੱਜ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਮਾਲਵਿਕਾ ਸੂਦ ਨੇ ਕਿਹਾ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਲਟਕਾਉਣ ਦੀ ਬਜਾਏ ਸਰਕਾਰ ਨੂੰ ਤੁਰੰਤ ਉਨ੍ਹਾਂ ਨਾਲ ਗੱਲਬਾਤ ਕਰਕੇ ਕੋਈ ਠੋਸ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਪਏ ਕੂੜੇ ਦੇ ਢੇਰ ਨਾ ਸਿਰਫ਼ ਬਦਬੂ ਫੈਲਾ ਰਹੇ ਹਨ, ਸਗੋਂ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦਾ ਵੀ ਅੱਡਾ ਬਣ ਗਏ ਹਨ। ਇਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਬਰਸਾਤੀ ਮੌਸਮ ਦੌਰਾਨ ਗੰਦਗੀ ਕਾਰਨ ਮੱਛਰ ਅਤੇ ਹੋਰ ਕੀਟਾਣੂ ਪੈਦਾ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣ ਸਕਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਸਫਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਹਰ ਰੋਜ਼ ਗੰਦਗੀ ਦੇ ਢੇਰਾਂ ਵਿਚ ਕੰਮ ਕਰਨਾ ਕੋਈ ਆਸਾਨ ਕੰਮ ਨਹੀਂ ਹੈ। ਆਪਣੀ ਸਿਹਤ ਨੂੰ ਜੋਖਮ ਵਿਚ ਪਾ ਕੇ ਉਹ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਂਦੇ ਹਨ। ਅਜਿਹੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਕਿਸੇ ਵੀ ਸਰਕਾਰ ਲਈ ਠੀਕ ਨਹੀਂ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲੋਕ ਹਿੱਤ ਅਤੇ ਜਨ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ ਤਾਂ ਜੋ ਹੜਤਾਲ ਖਤਮ ਹੋ ਸਕੇ ਅਤੇ ਮੋਗਾ ਸਮੇਤ ਪੂਰੇ ਸੂਬੇ ਵਿੱਚ ਸਫਾਈ ਪ੍ਰਬੰਧ ਮੁੜ ਪਟੜੀ ’ਤੇ ਆ ਸਕਣ। ਉਨ੍ਹਾਂ ਕਿਹਾ ਕਿ ਜੇਕਰ ਹੜਤਾਲ ਹੋਰ ਲੰਬੀ ਚੱਲਦੀ ਹੈ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ’ਤੇ ਹੋਵੇਗੀ।
ਖ਼ਬਰਾਂ
ਆਪ ਸਰਕਾਰ ਦੀ ਵਾਅਦਾ ਖਿਲਾਫ਼ੀ ਕਾਰਨ ਮੁੜ ਹੜਤਾਲ ’ਤੇ ਗਏ ਸਫਾਈ ਸੇਵਕ : ਮਾਲਵਿਕਾ ਸੂਦ
* ਕੂੜੇ ਦੇ ਅੰਬਾਰਾ ਹੇਠ ਦੱਬਿਆ ਮੋਗਾ ਸ਼ਹਿਰ, ਹੜਤਾਲ ਨੇ ਵਿਗਾੜੀ ਸਫਾਈ ਵਿਵਸਥਾ
14 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



