ਪਠਾਨਕੋਟ, 23 ਜੁਲਾਈ(ਜਸ਼ਨ ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਕਰੀਬ 380 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ।
ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਸਰਕਾਰ ਦੀ ਸਿੱਖਿਆ ਪੱਖੀ ਨੀਤੀਆਂ ਕਾਰਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਬਦਲਾਅ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਸਿੱਖਿਆ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੇ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਸ ਦਾ ਮਨੋਬਲ ਉੱਚਾ ਰੱਖਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਲੋੜਾਂ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਸਕੂਲ ਬੈਗ ਵੰਡਣ ਵਰਗੀਆਂ ਪਹਿਲਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਤੀ ਉਨ੍ਹਾਂ ਦਾ ਰੁਝਾਨ ਹੋਰ ਵਧਾਉਣ ਵਿੱਚ ਸਹਾਈ ਸਾਬਤ ਹੋਣਗੀਆਂ।
ਇਸ ਮੌਕੇ ਬਲਾਕ ਸੰਮਤੀ ਘਰੋਟਾ ਦੇ ਚੇਅਰਮੈਨ ਪਵਨ ਭਾਰਦਵਾਜ, ਬਲਾਕ ਸੰਮਤੀ ਦੇ ਉਪ ਚੇਅਰਮੈਨ ਸਾਹਿਬ ਸਿੰਘ ਸਾਬਾ, ਜ਼ਿਲ੍ਹਾ ਪਰਿਸ਼ਦ ਮੈਂਬਰ ਭੁਪਿੰਦਰ ਸਿੰਘ ਮੁੰਨਾ, ਬਲਾਕ ਪ੍ਰਧਾਨ ਕੈਲਾਸ਼ਪਤੀ, ਰੋਹਿਤ ਸਰਨਾ, ਪ੍ਰਿੰਸੀਪਲ ਜੋਤੀ, ਪਰਾਸਰ, ਅਮਨਦੀਪ ਕੁਮਾਰ ਡਿਪਟੀ ਡੀਈਓ,ਚੰਦਰਸ਼ੇਖਰ, ਮਨੀਸ਼, ਨਰਿੰਦਰ, ਜੋਗੀਤਾ, ਸੰਗੀਤਾ, ਸਕੂਲ ਕਮੇਟੀ ਦੀ ਚੇਅਰਪਰਸਨ ਤ੍ਰਿਸ਼ਲਾ ਦੇਵੀ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।