ਮੋਗਾ , 14 ਸਤੰਬਰ (ਜਸ਼ਨ ) ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਨੇ ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਬਿਜਲੀ ਦੀ ਅਣਨਿਯਮਤ ਸਪਲਾਈ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਣੀਆ ਨੇ ਕਿਹਾ ਕਿ ਬਿਜਲੀ ਅੱਜ ਹਰ ਘਰ ਅਤੇ ਹਰ ਕਾਰੋਬਾਰ ਦੀ ਮੁੱਢਲੀ ਲੋੜ ਬਣ ਚੁੱਕੀ ਹੈ। ਲੰਬੇ ਬਿਜਲੀ ਕੱਟਾਂ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ ਨਾਲ ਦੁਕਾਨਦਾਰਾਂ ,ਛੋਟੇ ਕਾਰੋਬਾਰੀਆਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਮੁਸ਼ਕਲਾਂ ਦਰਪੇਸ਼ ਹਨ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਲੋੜ ਹੋਰ ਵੱਧ ਜਾਂਦੀ ਹੈ ਅਤੇ ਅਜਿਹੇ ਸਮੇਂ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿੱਚ ਵਾਰ ਵਾਰ ਪੈਦਾ ਹੋ ਰਹੇ ਵਿਘਨ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਦਵਿੰਦਰ ਸਿੰਘ ਰਣੀਆ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਈ ਥਾਵਾਂ ’ਤੇ ਲੋਕਾਂ ਨੂੰ ਘੰਟਿਆਂ ਬੱਧੀ ਬਿਜਲੀ ਦੀ ਉਡੀਕ ਕਰਨੀ ਪੈਂਦੀ ਹੈ। ਇਸ ਨਾਲ ਘਰਾਂ ਵਿੱਚ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋਣ ਦੇ ਨਾਲ ਨਾਲ ਵਪਾਰਕ ਸਰਗਰਮੀਆਂ ਵੀ ਪ੍ਰਭਾਵਿਤ ਹੁੰਦੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਲੈ ਕੇ ਝੰਡਾਬਰਦਾਰ ਬਣਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।