ਗੜ੍ਹਸ਼ੰਕਰ, 16 ਜੁਲਾਈ( ਬਖਸ਼ੀ ) ਗੜ੍ਹਸ਼ੰਕਰ ਦੇ ਬੀਤ ਇਲਾਕੇ ਵਿੱਚ ਵੀਰਵਾਰ ਨੂੰ ਦਿਨ ਦਿਹਾੜੇ 27 ਸਾਲਾ ਨੌਜਵਾਨ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਉਸ ਦੀ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਕੁਝ ਵਿਅਕਤੀ ਜ਼ਬਰਦਸਤੀ ਸਕਾਰਪਿਓ ਗੱਡੀ ਵਿੱਚ ਬਿਠਾ ਕੇ ਲੈ ਗਏ ਅਤੇ ਕਰੀਬ ਦੋ ਘੰਟਿਆਂ ਬਾਅਦ ਝੁੰਗੀਆਂ-ਬੀਨੇਵਾਲ ਸੜਕ 'ਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਸੁੱਟ ਗਏ। ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਪਿੰਡ ਭਵਾਨੀਪੁਰ ਦੇ ਰਹਿਣ ਵਾਲੇ ਮਨਜੀਤ ਸਿੰਘ ਉਰਫ਼ ਗੰਨੀ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਇਸ ਕਤਲ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮਨਜੀਤ ਸਿੰਘ ਆਪਣੇ ਦੋਸਤ ਸੂਰਜ ਵਾਸੀ ਅਚਲਪੁਰ ਨਾਲ ਮੋਟਰਸਾਈਕਲ 'ਤੇ ਪਿੰਡ ਝੋਨੋਵਾਲ ਨੇੜੇ ਇੱਕ ਪੈਟਰੋਲ ਪੰਪ ਵੱਲ ਜਾ ਰਿਹਾ ਸੀ। ਦੁਪਹਿਰ ਕਰੀਬ 12 ਵਜੇ ਇੱਕ ਸਕਾਰਪਿਓ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਦੋਸ਼ ਹੈ ਕਿ ਗੱਡੀ ਵਿੱਚੋਂ ਉਤਰੇ ਵਿਅਕਤੀਆਂ ਨੇ ਮਨਜੀਤ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਲੈ ਗਏ।
ਕਰੀਬ ਪੌਣੇ ਦੋ ਵਜੇ ਝੁੰਗੀਆਂ-ਬੀਨੇਵਾਲ ਸੜਕ 'ਤੇ ਲੋਕਾਂ ਨੇ ਇੱਕ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿਆ ਦੇਖਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਮ੍ਰਿਤਕ ਦੀਆਂ ਲੱਤਾਂ 'ਤੇ ਗੋਲੀ ਲੱਗਣ ਵਰਗੇ ਨਿਸ਼ਾਨ ਅਤੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਦੇ ਗੰਭੀਰ ਜ਼ਖ਼ਮ ਸਨ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਮ੍ਰਿਤਕ ਦੇ ਪਿਤਾ ਦਿਲਬਾਗ ਸਿੰਘ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮਜ਼ਦੂਰੀ ਕਰਕੇ ਆਪਣੇ ਪੁੱਤਰ ਨੂੰ ਪਾਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਘਟਨਾ ਤੋਂ ਪਹਿਲਾਂ ਇੱਕ ਨੌਜਵਾਨ ਨੇ ਧਮਕੀ ਦਿੱਤੀ ਸੀ ਕਿ ਕੁਝ ਹੀ ਸਮੇਂ ਵਿੱਚ "ਨਤੀਜਾ" ਸਾਹਮਣੇ ਆ ਜਾਵੇਗਾ ਅਤੇ ਕੁਝ ਘੰਟਿਆਂ ਬਾਅਦ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਤਲ ਦੀ ਖ਼ਬਰ ਮਿਲੀ।
ਥਾਣਾ ਗੜ੍ਹਸ਼ੰਕਰ ਦੇ ਮੁਖੀ ਗਗਨਦੀਪ ਸਿੰਘ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦੇ ਸਬੂਤ ਮਿਲੇ ਹਨ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਰਾਜਾ ਉਰਫ਼ ਰਾਜਨ ਦਾ ਨਾਮ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਨਜੀਤ ਸਿੰਘ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾਇਆ, ਉਸ ਦੀ ਹੱਤਿਆ ਕੀਤੀ ਅਤੇ ਲਾਸ਼ ਨੂੰ ਝੁੰਗੀਆਂ-ਬੀਨੇਵਾਲ ਸੜਕ 'ਤੇ ਸੁੱਟ ਦਿੱਤਾ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।




