ਮੋਗਾ, 13 ਮਈ ( ਜਸ਼ਨ ) : ਨਿਗਮ ਚੋਣਾਂ ਦੌਰਾਨ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ । ਪੰਜਾਬ ਵਿੱਚ ਸਿਆਸੀ ਜਮੀਨ ਤਲਾਸ਼ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਮੋਗਾ ਜ਼ਿਲ੍ਹੇ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੋਗਾ ਸ਼ਹਿਰ ਦੇ ਵਾਰਡ ਨੰਬਰ 44 ਤੋਂ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਕੌਂਸਲਰ ਮਤਵਾਲ ਸਿੰਘ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਦਾ ਆਪਣੇ ਨਿਵਾਸ ਸਥਾਨ 'ਤੇ ਸਿਰੋਪਾਓ ਭੇਟ ਕਰਕੇ 'ਆਪ' ਵਿੱਚ ਸਵਾਗਤ ਕੀਤਾ। ਇਸ ਮੌਕੇ 'ਤੇ 'ਆਪ' ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਅਨਿਲ ਸ਼ਰਮਾ, ਰਿੱਕੀ ਅਰੋੜਾ ਅਤੇ ਸਿਆਸੀ ਸਕੱਤਰ ਅਤੇ ਸਾਬਕਾ ਕੌਂਸਲਰ ਦਵਿੰਦਰ ਤਿਵਾੜੀ ਮੌਜੂਦ ਸਨ। ਇਸ ਮੌਕੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮਤਵਾਲ ਸਿੰਘ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ, ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਕਾਫ਼ਲਾ ਲਗਾਤਾਰ ਫੈਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਉਹ ਸਤਿਕਾਰ ਅਤੇ ਸਨਮਾਨ ਦਿੱਤਾ ਜਾ ਰਿਹਾ ਹੈ ।