ਕੋਟ ਈਸੇ ਖਾਂ, 30 ਅਗਸਤ (ਜਸ਼ਨ ) "ਸ਼੍ਰੋਮਣੀ ਅਕਾਲੀ ਦਲ ਇਕੋ ਇਕ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹਿਤਾਂ ਨੂੰ ਪ੍ਰਣਾਈ ਹੋਈ ਹੈ ਇਸ ਕਰਕੇ ਇਸ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਪੰਜਾਬ ਨੂੰ ਬਚਾਉਣਾ ਇਸ ਵੇਲੇ ਸਾਰੇ ਪੰਜਾਬੀਆਂ ਦਾ ਮੁੱਖ ਨਿਸ਼ਾਨਾ ਹੋਣਾ ਚਾਹੀਦਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ-ਹਿੱਤਾਂ ਦੀ ਡੱਟ ਕੇ ਰੱਖਵਾਲੀ ਕੀਤੀ ਹੈ।" ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਆਗੂ ਦਿਲਬਾਗ ਸਿੰਘ ਹੈਪੀ ਭੁੱਲਰ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਫ਼ਤਹਿਗੜ੍ਹ ਪੰਜਤੂਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾ ਕੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਅੱਗੇ ਤੋਰਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰ ਤੋਂ ਇਲਾਵਾ ਕਸਬਿਆਂ ’ਚ ਵੀ ਲੋਕ ਵੱਧ-ਚੜ੍ਹ ਕੇ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸਰਕਾਰ ਨੂੰ ਮੁੜ ਤੋਂ ਸੱਤਾ ’ਚ ਵੇਖਣਾ ਚਾਹੁੰਦੇ ਹਨ, ਕਿਉਂਕਿ ਜੋ ਸੁੱਖ-ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬੀਆਂ ਨੂੰ ਮਿਲਦੀਆਂ ਰਹੀਆਂ ਹਨ, ਉਹ ਹੁਣ ਦਿਖਾਈ ਨਹੀਂ ਦਿੰਦੀਆਂ । ਯੂਥ ਅਕਾਲੀ ਨੇਤਾ ਨੇ ਕਿਹਾ ਕਿ ਸੂਬੇ ’ਚ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੋਵੇਗਾ ਕਿਉਂਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਉਹਨਾਂ ਕਿਹਾ ਕਿ ਸਮੁਚੇ ਅਕਾਲੀ ਕੇਡਰ ਨੂੰ ਯਕੀਨ ਹੈ ਕਿ 2027 ਦੀਆਂ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਪੰਜਾਬ ਦੀ ਸੱਤਾ ਸੌਂਪੇਗੀ ਅਤੇ ਅਕਾਲੀ ਦਲ ਦੀ ਸਰਕਾਰ ਵਿਚ ਪੰਜਾਬ ਮੁੜ ਖੁਸ਼ਹਾਲ ਹੋਵੇਗਾ।