ਮੋਗਾ, 3 ਸਤੰਬਰ (ਜਸ਼ਨ ): ਮੋਗਾ ਦੇ ਨੇੜਲੇ ਪਿੰਡ ਦੁੱਨੇਕੇ ਵਿਖੇ ਜੀ.ਟੀ. ਰੋਡ ’ਤੇ ਕਰਿਆਨੇ ਦੀ ਦੁਕਾਨ ਕਰਨ ਵਾਲੇ ਪ੍ਰਵਾਸੀ ਦੁਕਾਨਦਾਰ ਅਜੈ ਸਿੰਘ ਨੇ ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਬੀਤੀ 28 ਅਗਸਤ ਦੀ ਰਾਤ ਨੂੰ ਅਣਪਛਾਤੇ ਲੁਟੇਰੇ ਉਸ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰਕੇ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ, ਡੀ.ਐੱਮ.ਸੀ. ਅਤੇ ਐੱਮਜ਼ ਹਸਪਤਾਲ ਬਠਿੰਡਾ ਵਿਖੇ ਦਾਖ਼ਲ ਹੋਣਾ ਪਿਆ। ਅਜੈ ਸਿੰਘ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਦੇ ਉੱਪਰ ਹੀ ਰਹਿੰਦਾ ਹੈ। 28 ਅਗਸਤ ਦੀ ਦੇਰ ਰਾਤ ਜਦੋਂ ਉਹ ਪੈਸੇ ਗਿਣ ਰਿਹਾ ਸੀ ਤਾਂ ਉਸੇ ਸਮੇਂ ਮੋਟਰਸਾਈਕਲਾਂ ’ਤੇ ਸਵਾਰ ਕੁਝ ਅਣਪਛਾਤੇ ਨੌਜਵਾਨ ਉੱਥੇ ਆ ਪਹੁੰਚੇ। ਉਨ੍ਹਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਪੈਸੇ ਉਨ੍ਹਾਂ ਦੇ ਹਵਾਲੇ ਕਰਨ ਲਈ ਕਿਹਾ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਸ ਨੂੰ ਫੜ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਕਾਰਨ ਉਹ ਲਹੂ-ਲੁਹਾਨ ਹੋ ਕੇ ਹੇਠਾਂ ਡਿੱਗ ਪਿਆ। ਅਜੈ ਸਿੰਘ ਨੇ ਦੋਸ਼ ਲਗਾਇਆ ਕਿ 28 ਅਗਸਤ ਨੂੰ ਵਾਪਰੀ ਘਟਨਾ ਤੋਂ ਬਾਅਦ ਉਸ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਸ ਨੇ ਕਿਹਾ ਕਿ ਉਸ ’ਤੇ ਹਮਲਾਵਰਾਂ ਨਾਲ ਰਾਜ਼ੀਨਾਮਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਉਸ ਨੇ ਕਿਹਾ ਕਿ ਉਹ ਇੱਕ ਪ੍ਰਵਾਸੀ ਦੁਕਾਨਦਾਰ ਹੈ ਅਤੇ ਦੁਕਾਨ ਕਰਕੇ ਆਪਣੇ ਬੱਚਿਆਂ ਦਾ ਪੇਟ ਪਾਲਦਾ ਹੈ। ਉਸ ਨੇ ਜ਼ਿਲਾ ਪੁਲਸ ਮੁਖੀ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਉਸ ਨੂੰ ਅਜੇ ਵੀ ਆਪਣੀ ਜਾਨ ਦਾ ਖ਼ਤਰਾ ਬਣਿਆ ਹੋਇਆ ਹੈ, ਕਿਉਂਕਿ ਉਕਤ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਘੁੰਮ ਰਹੇ ਹਨ ਅਤੇ ਉਸ ਨੂੰ ਧਮਕੀਆਂ ਵੀ ਦੇ ਰਹੇ ਹਨ। ਉਸ ਨੇ ਮੰਗ ਕੀਤੀ ਕਿ ਉਸ ਨੂੰ ਤੁਰੰਤ ਇਨਸਾਫ਼ ਦਿੱਤਾ ਜਾਵੇ ਅਤੇ ਹਮਲਾਵਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।