ਤਰਨ ਤਾਰਨ (ਅਮਿਤ ਮਰਵਾਹਾ) ਤਰਨ ਤਾਰਨ ਨਗਰ ਕੌਂਸਲ ਵੱਲੋਂ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵੱਖ-ਵੱਖ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਇਹ ਕਾਰਵਾਈ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਣਧੀਰ ਸਿੰਘ ਵੜੈਚ ਦੀ ਅਗਵਾਈ ਹੇਠ ਕੀਤੀ ਗਈ। ਵਿਭਾਗ ਅਨੁਸਾਰ ਸਬੰਧਤ ਜਾਇਦਾਦਾਂ ਦਾ ਕਰੀਬ 22 ਲੱਖ ਰੁਪਏ ਪ੍ਰਾਪਰਟੀ ਟੈਕਸ ਬਕਾਇਆ ਹੈ।

ਕਾਰਜ ਸਾਧਕ ਅਫ਼ਸਰ ਰਣਧੀਰ ਸਿੰਘ ਵੜੈਚ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨੂੰ ਦੱਸਿਆ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਵੱਲੋਂ ਲੰਮੇ ਸਮੇਂ ਤੋਂ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਸੀ, ਉਨ੍ਹਾਂ ਨੂੰ ਕਈ ਵਾਰ ਨੋਟਿਸ ਭੇਜਣ ਦੇ ਨਾਲ-ਨਾਲ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ ਵੀ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਲਾਊਡ ਸਪੀਕਰਾਂ ਰਾਹੀਂ ਵੀ ਲੋਕਾਂ ਨੂੰ ਆਪਣਾ ਬਣਦਾ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ ਲਈ ਜਾਗਰੂਕ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਵਾਰ-ਵਾਰ ਮੌਕੇ ਦੇਣ ਅਤੇ ਅਪੀਲਾਂ ਕਰਨ ਦੇ ਬਾਵਜੂਦ ਜਦੋਂ ਸਬੰਧਤ ਜਾਇਦਾਦ ਮਾਲਕਾਂ ਵੱਲੋਂ ਟੈਕਸ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਵਿਭਾਗ ਨੂੰ ਸਖ਼ਤ ਕਾਰਵਾਈ ਕਰਨੀ ਪਈ। ਇਸੇ ਤਹਿਤ ਨਗਰ ਕੌਂਸਲ ਦੀ ਟੀਮ ਨੇ ਵੱਖ-ਵੱਖ ਦੁਕਾਨਾਂ ਨੂੰ ਸੀਲ ਕੀਤਾ।

ਇਸ ਕਾਰਵਾਈ ਦੌਰਾਨ ਨਗਰ ਕੌਂਸਲ ਦੇ ਸਟਾਫ਼ ਤੋਂ ਇਲਾਵਾ ਥਾਣਾ ਸਿਟੀ ਦੇ ਡਿਊਟੀ ਅਫ਼ਸਰ, ਫਾਇਰ ਬ੍ਰਿਗੇਡ ਵਿਭਾਗ ਅਤੇ ਸੜਕ ਸੁਰੱਖਿਆ ਵਿਭਾਗ ਦੀ ਟੀਮ ਵੀ ਮੌਜੂਦ ਰਹੀ। ਸਮੁੱਚੀ ਕਾਰਵਾਈ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀ ਗਈ।

ਨਗਰ ਕੌਂਸਲ ਦੀ ਇਸ ਕਾਰਵਾਈ ਨਾਲ ਪ੍ਰਾਪਰਟੀ ਟੈਕਸ ਦੀ ਵਸੂਲੀ ਨੂੰ ਲੈ ਕੇ ਵਿਭਾਗ ਦੀ ਸਖ਼ਤੀ ਸਾਹਮਣੇ ਆਈ ਹੈ। ਵਿਭਾਗ ਵੱਲੋਂ ਜਾਇਦਾਦ ਮਾਲਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਲਦ ਜਮ੍ਹਾਂ ਕਰਵਾਉਣ, ਤਾਂ ਜੋ ਅਜਿਹੀ ਕਾਰਵਾਈ ਤੋਂ ਬਚਿਆ ਜਾ ਸਕੇ।