ਜੋਗਿੰਦਰ ਸਿੰਘ ਮਾਨ
ਮਾਨਸਾ 13 ਅਕਤੂਬਰ:
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਜ਼ਿਲ੍ਹਾ ਮਾਨਸਾ ਵਿਖੇ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਉੱਤੇ ਸ਼ਰੇਆਮ ਗੋਲੀਆਂ ਚਲਾ ਕੇ ਕੀਤੇ ਗਏ ਕਤਲ ਅਤੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਵਾਪਰੀ ਖ਼ੂਨੀ ਘਟਨਾ 'ਤੇ ਡੂੰਘੇ ਦੁੱਖ ਅਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਿੰਘ ਸਾਹਿਬ ਨੇ ਇਸ ਵਾਰਦਾਤ ਨੂੰ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮੁਕੰਮਲ ਜਨਾਜ਼ਾ ਨਿਕਲਣ ਦਾ ਸਬੂਤ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸਿੰਘ ਸਾਹਿਬ ਨੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਹੈ, ਪਰ ਅਫ਼ਸੋਸ ਕਿ ਅੱਜ ਇਹ ਸੂਬਾ ਨਸ਼ਾ ਤਸਕਰਾਂ ਅਤੇ ਗ਼ੈਰ-ਸਮਾਜੀ ਅਨਸਰਾਂ ਦੀ ਖੁੱਲ੍ਹੀ ਖੇਡ ਦਾ ਅੱਡਾ ਬਣ ਚੁੱਕਾ ਹੈ। ਸੂਬੇ ਵਿੱਚ ਮੈਡੀਕਲ ਨਸ਼ਿਆਂ ਸਮੇਤ ਹਰ ਕਿਸਮ ਦਾ ਘਾਤਕ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ। ਜਦੋਂ ਆਪਣੀ ਕੌਮ ਅਤੇ ਨੌਜਵਾਨੀ ਨੂੰ ਬਚਾਉਣ ਲਈ ਮੈਦਾਨ ਵਿੱਚ ਨਿੱਤਰਨ ਵਾਲੇ ਨੌਜਵਾਨਾਂ ਨੂੰ ਦਿਨ-ਦਿਹਾੜੇ ਗੋਲੀਆਂ ਦਾ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ, ਤਾਂ ਇਹ ਸਾਫ਼ ਦਰਸਾਉਂਦਾ ਹੈ ਕਿ ਨਸ਼ਾ ਮਾਫ਼ੀਆ ਦੇ ਹੌਸਲੇ ਕਿਸ ਹੱਦ ਤੱਕ ਬੁਲੰਦ ਹੋ ਚੁੱਕੇ ਹਨ।
ਸਿੰਘ ਸਾਹਿਬ ਨੇ ਸਖ਼ਤ ਲਹਿਜੇ ਵਿੱਚ ਕਿਹਾ "ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਜਾਗਰੂਕ ਨੌਜਵਾਨ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ ਰਹਿ ਜਾਂਦੀ ਹੈ? ਕੈਮਰਿਆਂ ਸਾਹਮਣੇ ਹੋਈ ਇਸ ਸ਼ਰਮਨਾਕ ਵਾਰਦਾਤ ਨੇ ਪੁਲਿਸ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਨਸ਼ਿਆਂ ਦੇ ਕਾਰੋਬਾਰੀਆਂ ਨੂੰ ਕਾਨੂੰਨ ਦਾ ਕੋਈ ਖ਼ੌਫ਼ ਨਹੀਂ ਰਿਹਾ।"
ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਇਸ ਘਟਨਾ ਪਿੱਛੇ ਸ਼ਾਮਲ ਨਸ਼ਾ ਸਿੰਡੀਕੇਟ ਨਾਲ ਜੁੜੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਉਨ੍ਹਾਂ ਦੇ ਸਾਥੀ ਦਾ ਵਧੀਆ ਤੋਂ ਵਧੀਆ ਇਲਾਜ ਸਰਕਾਰੀ ਖ਼ਰਚੇ 'ਤੇ ਯਕੀਨੀ ਬਣਾਇਆ ਜਾਵੇ। ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਅਤੇ ਤਸਕਰਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਜਾਵੇ।
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਸਮੂਹ ਪੰਜਾਬੀਆਂ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਆਪਸੀ ਏਕਤਾ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਦੇ ਦੈਂਤ ਵਿਰੁੱਧ ਆਪਣੀ ਆਵਾਜ਼ ਨਿਰੰਤਰ ਬੁਲੰਦ ਰੱਖਣ।
ਖ਼ਬਰਾਂ
ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸਿੰਘ ਸਾਹਿਬ ਵੱਲੋਂ ਤਿੱਖਾ ਰੋਸ ਪੰਜਾਬ ਸਰਕਾਰ ਦੀ ਨਾਕਾਮੀ 'ਤੇ ਚੁੱਕੇ ਗੰਭੀਰ ਸਵਾਲ
13 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



