ਜ਼ੀਰਾ 4 ਸਤੰਬਰ (ਤੀਰਥ ਸਨੇਰ): ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਗੁਰਪ੍ਰੀਤ ਸਿੰਘ ਸੇਖੋਂ ਵੱਲੋਂ ਆਪਣੀ ਸਿਆਸੀ ਪਾਰੀ ਨੂੰ ਨਵਾਂ ਰੂਪ ਦੇਣ ਦਾ ਐਲਾਨ ਕੀਤਾ ਗਿਆ ਹੈ। ਸੇਖੋਂ ਨੇ ਕਿਹਾ ਕਿ ਉਹ 6 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਹਲਕੇ ਦੀ ਸਿਆਸੀ ਸਰਗਰਮੀ ਵੀ ਤੇਜ਼ ਹੋਣ ਦੇ ਆਸਾਰ ਬਣ ਗਏ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਲਈ ਸਿਆਸਤ ਕਿਸੇ ਅਹੁਦੇ ਜਾਂ ਨਿੱਜੀ ਲਾਭ ਦਾ ਸਾਧਨ ਨਹੀਂ, ਬਲਕਿ ਲੋਕਾਂ ਦੀ ਸੇਵਾ ਕਰਨ ਦਾ ਇੱਕ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਜ਼ੀਰਾ ਹਲਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣਾ, ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਰਹੇਗਾ।ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਸੋਚ ਕਿਸੇ ਵਿਅਕਤੀ ਜਾਂ ਵਿਰੋਧੀ ਧਿਰ ਦੇ ਖ਼ਿਲਾਫ਼ ਖੜ੍ਹਨ ਦੀ ਬਜਾਏ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ ’ਤੇ ਕੇਂਦਰਿਤ ਰਹੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਛੋਟੀਆਂ-ਛੋਟੀਆਂ ਬੁਨਿਆਦੀ ਸਹੂਲਤਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ, ਇਸ ਲਈ ਜਨਤਕ ਨੁਮਾਇੰਦਿਆਂ ਦਾ ਲੋਕਾਂ ਵਿੱਚ ਰਹਿਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਉਹ ਹਲਕੇ ਦੇ ਹਰ ਵਰਗ ਦੇ ਲੋਕਾਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਖੜ੍ਹੇ ਰਹਿਣਗੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਾਥ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਸੇਖੋਂ ਮੁਤਾਬਕ 6 ਸਤੰਬਰ ਨੂੰ ਹੋਣ ਵਾਲੇ ਸਮਾਗਮ ਵਿੱਚ ਲਗਭਗ 20 ਤੋਂ 25 ਹਜ਼ਾਰ ਵਰਕਰਾਂ, ਪਾਰਟੀ ਅਹੁਦੇਦਾਰਾਂ, ਸਰਪੰਚਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਆਰ ਨੇਤ ਵੱਲੋਂ ਵੀ ਆਪਣੇ ਗੀਤ ਪੇਸ਼ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਦਾਣਾ ਮੰਡੀ ਜ਼ੀਰਾ ਵਿੱਚ ਵਿਸ਼ਾਲ ਅਤੇ ਆਧੁਨਿਕ ਟੈਂਟ ਲਗਾਉਣ ਸਮੇਤ ਹੋਰ ਤਿਆਰੀਆਂ ਵੀ ਜ਼ੋਰਾਂ ’ਤੇ ਚੱਲ ਰਹੀਆਂ ਹਨ।