ਮੁਕਤਸਰ ਸਾਹਿਬ, 23 ਮਈ (ਜਸ਼ਨ )
ਪੰਜਾਬ ਦੇ ਮਾਲਵਾ ਖੇਤਰ ਵਿੱਚ ਖੇਤੀਬਾੜੀ ਦੇ ਰਵਾਇਤੀ ਤਰੀਕਿਆਂ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਪਹਿਲਾਂ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਸ਼ਟ ਕੀਤਾ ਜਾਂਦਾ ਸੀ, ਉੱਥੇ ਹੁਣ ਕਿਸਾਨ ਇਸ ਖੇਤੀ ਰਹਿੰਦ-ਖੂੰਹਦ ਨੂੰ ਇਕੱਠਾ ਕਰਕੇ ਗੱਠਾਂ ਅਤੇ ਪੈਲਟਸ ਬਣਾ ਕੇ ਵੇਚ ਰਹੇ ਹਨ। ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵੀ ਲਾਭ ਮਿਲ ਰਿਹਾ ਹੈ।

ਮਾਲਵਾ ਖੇਤਰ ਦੇ ਕਿਸਾਨਾਂ ਨੇ ਦੱਸਿਆ ਕਿ ਹੁਣ ਉਹ ਪਰਾਲੀ ਅਤੇ ਨਾੜ ਨੂੰ ਸਾੜਨ ਦੀ ਬਜਾਏ ਪਾਵਰ ਪ੍ਰੈਸ ਮਸ਼ੀਨਾਂ ਰਾਹੀਂ ਗੱਠਾਂ ਵਿੱਚ ਤਬਦੀਲ ਕਰ ਰਹੇ ਹਨ। ਇਹ ਗੱਠਾਂ ਰਾਜਸਥਾਨ ਦੀਆਂ ਗਊਸ਼ਾਲਾਵਾਂ ਵਿੱਚ ਪਸ਼ੂਆਂ ਦੇ ਚਾਰੇ ਵਜੋਂ ਵਰਤੀਆਂ ਜਾ ਰਹੀਆਂ ਹਨ, ਜਦਕਿ ਕਈ ਬਾਇਓ ਗੈਸ ਅਤੇ ਬਾਇਓਮਾਸ ਪਲਾਂਟ ਇਸ ਨੂੰ ਫਿਊਲ ਵਜੋਂ ਖਰੀਦ ਰਹੇ ਹਨ। ਇਸ ਕਾਰਨ ਪਰਾਲੀ ਅਤੇ ਤੂੜੀ ਦੇ ਭਾਅ ਵਿੱਚ ਵੀ ਵਾਧਾ ਹੋਇਆ ਹੈ ਅਤੇ ਕਿਸਾਨਾਂ ਨੂੰ ਵਾਧੂ ਆਮਦਨ ਦਾ ਸਰੋਤ ਮਿਲਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਪਰਾਲੀ ਨੂੰ ਸੰਭਾਲਣਾ ਇੱਕ ਵੱਡੀ ਸਮੱਸਿਆ ਸੀ, ਪਰ ਹੁਣ ਇਹੀ ਪਰਾਲੀ ਆਮਦਨ ਦਾ ਜ਼ਰੀਆ ਬਣ ਗਈ ਹੈ। ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਮਿੱਟੀ ਦੇ ਲਾਭਦਾਇਕ ਤੱਤ ਅਤੇ ਜੀਵਾਣੂ ਵੀ ਬਚ ਰਹੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਆ ਰਿਹਾ ਹੈ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਕੇਂਦਰੀ ਖੇਤੀਬਾੜੀ ਮੰਤਰਾਲਾ ਅਤੇ ਉਦਯੋਗ ਵਿਭਾਗ ਵੱਲੋਂ ਅਜਿਹੇ ਪ੍ਰੋਜੈਕਟਾਂ ਲਈ ਸਬਸਿਡੀ ਅਤੇ ਘੱਟ ਵਿਆਜ ’ਤੇ ਕਰਜ਼ੇ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਨਾਲ ਕਿਸਾਨ ਆਪਣੀ ਖੇਤੀ ਨਾਲ ਜੁੜੇ ਛੋਟੇ ਯੂਨਿਟ ਲਗਾ ਕੇ ਖੇਤੀ ਰਹਿੰਦ-ਖੂੰਹਦ ਨੂੰ ਪ੍ਰੋਸੈਸ ਕਰ ਰਹੇ ਹਨ ਅਤੇ ਵਧੀਆ ਮੁਨਾਫਾ ਕਮਾ ਰਹੇ ਹਨ।

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ ਨੇ ਦੱਸਿਆ ਕਿ ਪਰਾਲੀ ਅਤੇ ਨਾੜ ਨੂੰ ਸੰਭਾਲਣ ਵਾਲੇ ਛੋਟੇ ਕਾਰਖਾਨਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯੂਨਿਟ ਨਾ ਸਿਰਫ਼ ਕਿਸਾਨਾਂ ਲਈ ਫਾਇਦੇਮੰਦ ਸਾਬਤ ਹੋ ਰਹੇ ਹਨ, ਸਗੋਂ ਇਹ ਸਿੱਧੇ ਅਤੇ ਅਸਿੱਧੇ ਤੌਰ ’ਤੇ ਮਜ਼ਦੂਰਾਂ, ਟਰਾਂਸਪੋਰਟਰਾਂ ਅਤੇ ਤਕਨੀਕੀ ਮਾਹਿਰਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਰਹੇ ਹਨ।

ਖੇਤੀਬਾੜੀ ਮਾਹਿਰਾਂ ਅਤੇ ਵਾਤਾਵਰਨ ਪ੍ਰੇਮੀਆਂ ਦਾ ਮੰਨਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਅਤੇ ਸਸਤੇ ਕਰਜ਼ਿਆਂ ਨੇ ਅਜਿਹੇ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਡਲ ਨੂੰ ਹੋਰ ਵਧਾਇਆ ਜਾਵੇ ਤਾਂ ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਖਤਮ ਕੀਤਾ ਜਾ ਸਕਦਾ ਹੈ।

ਮਾਲਵਾ ਖੇਤਰ ਵਿੱਚ ਪਰਾਲੀ ਪ੍ਰਬੰਧਨ ਦਾ ਇਹ ਨਵਾਂ ਮਾਡਲ ਹੁਣ ਹੋਰ ਕਿਸਾਨਾਂ ਲਈ ਵੀ ਪ੍ਰੇਰਣਾ ਬਣ ਰਿਹਾ ਹੈ, ਜਿੱਥੇ ਖੇਤੀ ਰਹਿੰਦ-ਖੂੰਹਦ ਨੂੰ ਸਮੱਸਿਆ ਨਹੀਂ ਸਗੋਂ ਕਮਾਈ ਦੇ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ