ਆਪ ਸਰਕਾਰ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹਣ ਲੱਗੀ – 4161 ਅਧਿਆਪਕ ਯੂਨੀਅਨ

ਮੋਗਾ,8 ਮਈ (ਜਸ਼ਨ )ਬੇਰੁਜ਼ਗਾਰੀ ਖ਼ਤਮ ਕਰਨ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹਣ ਦੇ ਰਾਹ ‘ਤੇ ਤੁਰ ਪਈ ਹੈ। ਬੇਰੁਜ਼ਗਾਰਾਂ ਦੇ ਹੱਕ ਵਿੱਚ “ਹਰਾ ਪੈੱਨ” ਚਲਾਉਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਨੇ ਹੁਣ ਕਰੀਬ 300 ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਲਈ “ਲਾਲ ਪੈੱਨ” ਚਲਾ ਦਿੱਤਾ ਹੈ, ਜਿਸ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

2392 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਯੁੱਧਜੀਤ ਸਿੰਘ ਸਿੰਘ ਅਤੇ ਮੀਤ ਪ੍ਰਧਾਨ ਸੰਜੀਵ ਗਰਗ ਨੇ ਦੱਸਿਆ ਕਿ ਸਾਲ 2021 ਵਿੱਚ ਪਿਛਲੀ ਸਰਕਾਰ ਵੱਲੋਂ 4161 ਮਾਸਟਰ ਕੇਡਰ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਜਨਵਰੀ 2023 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਪਰ ਸਰਕਾਰ ਨੇ ਲੰਬੇ ਸਮੇਂ ਤੱਕ ਟਾਲ-ਮਟੋਲ ਕਰਦਿਆਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਜੁਆਇਨ ਨਹੀਂ ਕਰਵਾਇਆ ਅਤੇ ਬਾਅਦ ਵਿੱਚ 2023 ਵਿੱਚ ਜੁਆਇਨ ਕਰਵਾਇਆ ਗਿਆ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਸਿੱਖਿਆ ਵਿਭਾਗ ਵੱਲੋਂ 4161 ਮਾਸਟਰ ਕੇਡਰ ਦੇ ਕਰੀਬ 300 ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਲਈ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਅਧਿਆਪਕਾਂ ਦਾ ਪਰਖਕਾਲ (ਪ੍ਰੋਬੇਸ਼ਨ ਪੀਰੀਅਡ) ਰੋਕਣ ਦੇ ਹੁਕਮ ਵੀ ਦਿੱਤੇ ਗਏ ਹਨ।

ਸਰਕਾਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਅਧਿਆਪਕਾਂ ਨੂੰ ਇਹ ਨੋਟਿਸ ਜਾਰੀ ਕੀਤੇ ਗਏ ਹਨ, ਉਹ ਤੁਰੰਤ ਵਾਪਸ ਲਏ ਜਾਣ। ਨਹੀਂ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਵੀ 4161 ਮਾਸਟਰ ਕੇਡਰ ਅਧਿਆਪਕਾਂ ਦੇ ਹੱਕ ਵਿੱਚ ਡੱਟ ਕੇ ਖੜ੍ਹਨ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਖੁੱਸਣ ਦੇਣਗੇ ਅਤੇ ਲੋੜ ਪਈ ਤਾਂ ਸੰਘਰਸ਼ ਨੂੰ ਸੂਬਾ ਪੱਧਰ ਤੱਕ ਲੈ ਕੇ ਜਾਇਆ ਜਾਵੇਗਾ।