ਬਾਘਾ ਪੁਰਾਣਾ, 12 ਜੁਲਾਈ (ਜਸ਼ਨ ) ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸਿਆਸੀ ਰੰਗ ਹੁਣੇ ਤੋਂ ਦੇਖਣ ਨੂੰ ਮਿਲਣ ਲੱਗਾ ਹੈ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਵੀ ਸਿਆਸੀ ਸਰਗਰਮੀਆਂ ਨੇ ਹੁਣੇ ਤੋਂ ਹੀ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਪੰਜਾਬ ਦੇ ਸੈਕਟਰੀ ਅਤੇ ਸੀਨੀਅਰ ਭਾਜਪਾ ਆਗੂ ਸੁਖਜਿੰਦਰ ਸਿੰਘ ਵਾਂਦਰ ਵੱਲੋਂ ਹਲਕੇ ਅੰਦਰ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦਿਆਂ ਲਗਾਤਾਰ ਪਿੰਡ-ਪਿੰਡ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮਿਲਣੀਆਂ ਦੌਰਾਨ ਉਹ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ। ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਵਾਂਦਰ ਨੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਉਮੀਦਵਾਰ ਬਣਾਉਂਦੀ ਹੈ ਤਾਂ ਉਹ ਬਾਘਾ ਪੁਰਾਣਾ ਹਲਕੇ ਤੋਂ ਸ਼ਾਨਦਾਰ ਜਿੱਤ ਹਾਸਲ ਕਰਕੇ ਇਹ ਸੀਟ ਭਾਜਪਾ ਦੀ ਝੋਲੀ ਵਿਚ ਪਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਵਿਚ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਮਿਲ ਰਹੇ ਲੋਕਾਂ ਦੇ ਭਰਵੇਂ ਸਮਰਥਨ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਮਜ਼ਬੂਤ ਸਥਿਤੀ ਵਿਚ ਹੋਵੇਗੀ। ਸੁਖਜਿੰਦਰ ਸਿੰਘ ਵਾਂਦਰ ਨੇ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਅਤੇ ਕੇਂਦਰ ਅਤੇ ਪੰਜਾਬ ਵਿਚ ਇੱਕੋ ਪਾਰਟੀ ਦੀ, ਅਰਥਾਤ ‘ਡਬਲ ਇੰਜਣ’ ਵਾਲੀ ਸਰਕਾਰ ਹੋਣ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਉਤਰੇਗੀ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਲੋਕਾਂ ਨਾਲ ਸੰਪਰਕ ਮੁਹਿੰਮ ਜਾਰੀ ਰੱਖਣਗੇ ਤਾਂ ਜੋ ਲੋਕਾਂ ਦੇ ਸੁਝਾਅ ਅਤੇ ਸਮੱਸਿਆਵਾਂ ਨੂੰ ਪਾਰਟੀ ਪਲੇਟਫਾਰਮ ਤੱਕ ਪਹੁੰਚਾਇਆ ਜਾ ਸਕੇ।