ਸ਼੍ਰੋਮਣੀ ਕਮੇਟੀ ਮੈਂਬਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕਰਦੇ ਹੋਏ

ਧਰਮਕੋਟ, 2 ਅਗਸਤ ( ਜਸ਼ਨ ) ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰਨ ਉਪਰੰਤ ਮੀਰੀ-ਪੀਰੀ ਖਾਲਸਾ ਮਾਰਚ ਅੱਜ ਸਵੇਰੇ ਅਰਦਾਸ ਉਪਰੰਤ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਮੌਕੇ ਧਾਰਮਿਕ ਮਾਹੌਲ ਵਿੱਚ ਜੈਕਾਰਿਆਂ ਦੀ ਗੂੰਜ ਦਰਮਿਆਨ ਸੰਗਤਾਂ ਨੇ ਮਾਰਚ ਨੂੰ ਵਿਦਾ ਕੀਤਾ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਗਈਆਂ ਅਤੇ ਪੰਥਕ ਜੋਸ਼ ਨਾਲ ਮਾਰਚ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਆਗੂ ਗੁਰਚਰਨ ਸਿੰਘ ਗਰੇਵਾਲ, ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੰਗਾ ਸਿੰਘ ਜੀ, ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਵੱਡੀ ਗਿਣਤੀ ਵਿੱਚ ਸੰਤ-ਮਹਾਂਪੁਰਖ, ਪੰਥਕ ਆਗੂ ਅਤੇ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਪਛਾਣ ਅਤੇ ਗੁਰੂ ਸਾਹਿਬਾਨ ਦੀ ਅਨਮੋਲ ਦੇਣ ਹੈ। ਉਨ੍ਹਾਂ ਕਿਹਾ ਕਿ ਇਹ ਖਾਲਸਾ ਮਾਰਚ ਸਿਰਫ਼ ਇੱਕ ਯਾਤਰਾ ਨਹੀਂ, ਸਗੋਂ ਸਿੱਖ ਕੌਮ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰਮਤਿ ਨਾਲ ਜੋੜਨ ਦਾ ਇੱਕ ਮਹਾਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਅਜਿਹੇ ਪੰਥਕ ਉਪਰਾਲੇ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਧਾਮੀ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਸਿੱਖ ਨੂੰ ਗੁਰਬਾਣੀ, ਗੁਰੂ ਘਰ ਅਤੇ ਸਿੱਖੀ ਸਰੂਪ ਨਾਲ ਦ੍ਰਿੜਤਾ ਨਾਲ ਜੁੜਨਾ ਚਾਹੀਦਾ ਹੈ ਅਤੇ ਪੰਥ ਦੀ ਚੜ੍ਹਦੀ ਕਲਾ, ਏਕਤਾ ਅਤੇ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੱਖਿਆ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੰਗਾ ਸਿੰਘ ਜੀ ਅਤੇ ਸਮੂਹ ਸੰਗਤ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।