ਜੋਗਿੰਦਰ ਸਿੰਘ ਮਾਨ
ਮਾਨਸਾ, 24 ਅਕਤੂਬਰ
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਨ ’ਚ ਸਮਾਜ ਪ੍ਰਤੀ ਗਹਿਰਾ ਜਜ਼ਬਾ ਸੀ ਅਤੇ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਿਜਦਾ ਕਰਨ ਲਈ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ਿਆਂ ਵਿਰੁੱਧ ਅਜਿਹੀ ਮੁਹਿੰਮ ਦੀ ਬੀਜ ਲਗਾਇਆ ਹੈ, ਜਿਸ ਨੂੰ ਪੂਰਾ ਪੰਜਾਬ ਇਕੱਠਾ ਹੋਕੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਨਹੀਂ ਵਧਾ ਸਕਿਆ ਸੀ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵੱਲੋਂ ਆਪਣੇ ਪੱਧਰ ’ਤੇ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼Çਆਂ ਦੀ ਓਵਰਡੋਜ਼ ਕਾਰਨ ਮੌਤਾਂ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਵੀ ਇੱਕ ਗੰਭੀਰ ਸਵਾਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਇਸ ਮੁਹਿੰਮ ਦਾ ਮਕਸਦ ਕਿਸੇ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸੀ, ਪਰ ਇਸ ਲੜਾਈ ਵਿਚ ਪਰਵਿੰਦਰ ਨੂੰ ਆਪਣੀ ਸ਼ਹਾਦਤ ਦੇਣੀ ਪਈ।
ਇਸ ਮੌਕੇ ਸੁਨੀਲ ਜਾਖੜ ਨੇ ਸੀਬੀਆਈ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਦਾ ਘੇਰਾ ਵਧਾਉਂਦਿਆਂ ਹੈੱਡਕੁਆਰਟਰ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ, ਤਾਂ ਜੋ ਮਾਮਲੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਗੁਰਮੇਲ ਸਿੰਘ ਠੇਕੇਦਾਰ, ਮੁਨੀਸ਼ ਬੱਬੀ ਦਾਨੇਵਾਲੀਆ ਵੀ ਮੌਜੂਦ ਸਨ।