ਮੋਹਾਲੀ, 12 ਮਈ (ਮਨਜੀਤ ਸਿੰਘ ਢੱਲਾ) - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਪੁੱਜੇ। ਉਨ੍ਹਾਂ ਦਾ ਇਹ ਦੌਰਾ ਪਿਛਲੇ ਦਿਨੀਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਭਾਜਪਾ ਦੇ ਦਫ਼ਤਰਾਂ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲਿਆਂ ਅਤੇ ਭੰਨਤੋੜ ਦੇ ਮਾਮਲਿਆਂ 'ਚ ਪੁਲਿਸ ਕਾਰਵਾਈ ਨੂੰ ਲੈ ਕੇ ਸੀ।

ਐੱਸ.ਐੱਸ.ਪੀ. ਮੋਹਾਲੀ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦਫ਼ਤਰਾਂ 'ਤੇ ਯੋਜਨਾਬੱਧ ਤਰੀਕੇ ਨਾਲ ਹਮਲੇ ਕਰਵਾਏ ਜਾ ਰਹੇ ਹਨ, ਜੋ ਕਿ ਲੋਕਤੰਤਰ ਲਈ ਖ਼ਤਰਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਵਾਲ ਕੀਤਾ ਕਿ ਹਮਲਾਵਰਾਂ ਖ਼ਿਲਾਫ਼ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ ਅਤੇ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ।

ਸੂਬਾ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਨੂੰ ਸਿਰਫ ਹਮਲਾ ਕਰਨ ਵਾਲਿਆਂ ਨੂੰ ਹੀ ਨਹੀਂ, ਸਗੋਂ ਇਨ੍ਹਾਂ ਹਮਲਿਆਂ ਪਿੱਛੇ ਕਿਸ ਵਿਅਕਤੀ ਜਾਂ ਸੰਗਠਨ ਦਾ ਹੱਥ ਹੈ, ਉਸ ਮਾਸਟਰਮਾਈਂਡ ਦੀ ਵੀ ਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਸਮੇਂ ਸਿਰ ਕਾਰਵਾਈ ਨਹੀਂ ਕਰਦੀ ਤਾਂ ਭਾਜਪਾ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

ਜਾਖੜ ਨੇ ਦੋਸ਼ ਲਾਇਆ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਹਾਲਤ ਦਿਨੋਂ-ਦਿਨ ਵਿਗੜ ਰਹੀ ਹੈ ਅਤੇ ਵਿਰੋਧੀ ਧਿਰ ਦੇ ਦਫ਼ਤਰ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਭਾਜਪਾ ਦੇ ਦਫ਼ਤਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹਮਲਿਆਂ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਪੁਲਿਸ ਦੀ ਢਿੱਲੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ ।