**** ਗ੍ਰਿਫ਼ਤਾਰ ਦੋਸ਼ੀ ਜਰਮਨੀ ਅਤੇ ਦੁਬਈ ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕਰ ਰਹੇ ਸਨ ਕਾਰਵਾਈਆਂ: ਡੀਜੀਪੀ ਗੌਰਵ ਯਾਦਵ
****ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕ ਰਾਹੀਂ ਦੋਸ਼ੀਆਂ ਨੂੰ ਉੱਚ ਗੁਣਵੱਤਾ ਵਾਲੇ ਹਥਿਆਰ ਮੁਹੱਈਆ ਕਰਵਾਏ: ਸੀਪੀ ਲੁਧਿਆਣਾ ਸਵਪਨ ਸ਼ਰਮਾ
ਚੰਡੀਗੜ੍ਹ/ਲੁਧਿਆਣਾ, 18 ਮਈ:( ਮਨੀ )
ਪੰਜਾਬ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਸਾਂਝੇ ਆਪਰੇਸ਼ਨ ਦੌਰਾਨ ਇੱਕ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫਾਸ਼ ਕਰਦੇ ਹੋਏ ਇਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਗੈਰਕਾਨੂੰਨੀ ਪਿਸਤੌਲ— ਦੋ .30 ਬੋਰ ਅਤੇ ਇੱਕ .315 ਬੋਰ— ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਫਿਲੌਰ ਦੇ ਰਹਿਣ ਵਾਲੇ ਹਨ। ਦੋਸ਼ੀ ਅੰਕੁਸ਼ ਇੱਕ ਆਦੀ ਅਪਰਾਧੀ ਹੈ ਅਤੇ ਇਸ ਤੋਂ ਪਹਿਲਾਂ ਥਾਣਾ ਗੋਰਾਇਆ ਵਿੱਚ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਨਾਮਜ਼ਦ ਰਹਿ ਚੁੱਕਾ ਹੈ। ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਬਜਾਜ ਸੀਟੀ 100 ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਹੈ, ਜਿਸਦਾ ਇਸਤੇਮਾਲ ਇਹ ਅਪਰਾਧਿਕ ਗਤੀਵਿਧੀਆਂ ਲਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਜਰਮਨੀ ਅਤੇ ਦੁਬਈ (ਯੂਏਈ) ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫ਼ਾਈਲ ਟਾਰਗੇਟ ਕਿਲਿੰਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨਾਲ ਵੱਡੀਆਂ ਅਪਰਾਧਿਕ ਵਾਰਦਾਤਾਂ ਨੂੰ ਟਾਲਣ ਵਿੱਚ ਸਫਲਤਾ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਸ ਗਠਜੋੜ ਦੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।
ਆਪਰੇਸ਼ਨ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਪੁਲਿਸ ਟੀਮ ਨੇ ਥਾਣਾ ਲਾਡੋਵਾਲ ਦੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਕਿਸੇ ਵੱਡੀ ਅਪਰਾਧਿਕ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਨੂੰ ਕਾਬੂ ਕਰ ਲਿਆ।
ਸੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਇੱਕ ਸੁਗਠਿਤ ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕ ਰਾਹੀਂ ਦੋਸ਼ੀਆਂ ਨੂੰ ਉੱਚ ਗੁਣਵੱਤਾ ਵਾਲੇ ਹਥਿਆਰ ਮੁਹੱਈਆ ਕਰਵਾਏ ਅਤੇ ਉਨ੍ਹਾਂ ਨੂੰ ਖਾਸ ਅਤੇ ਮਹੱਤਵਪੂਰਨ ਟਾਰਗੇਟ ਦਿੱਤੇ ਗਏ ਸਨ । ਇਸ ਸਬੰਧੀ ਥਾਣਾ ਲਾਡੋਵਾਲ ਵਿੱਚ ਮੁਕੱਦਮਾ ਦਰਜ ਕੀਤਾ ਗਿਆ ।





