ਤਰਨਤਾਰਨ (ਅਮਿਤ ਮਰਵਾਹਾ)
ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ।
ਹਾਦਸੇ ਦੇ ਪ੍ਰਤਖਦਰਸ਼ੀ ਕੋਟ ਈਸੇ ਖਾ ਦੇ ਉਘੇ ਸਿਆਸੀ ਆਗੂ ਬਲਬੀਰ ਸਿੰਘ ਪਾਂਧੀ ਨੇ ਦੱਸਿਆ ਕਿ ਬੱਸਾਂ ਦੇ ਪਰਖਚੇ ਉੱਡ ਗਏ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਚਾਰ ਮੌਤਾਂ ਦੀ ਪੁਸ਼ਟੀ ਕੀਤੀ ਹੈ ਜਦ ਕਿ ਸਿਵਲ ਹਸਪਤਾਲ ਵਿਚ 4 ਤੋਂ 5 ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਕਰੀਬ ਇਕ ਦਰਜਨ ਹੋਰ ਜ਼ਖਮੀਆਂ ਦਾ ਇਲਾਜ ਜਾਰੀ ਹੈ। ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ ਮਹਿਲਾ ਅਤੇ ਦੋਨੋਂ ਬੱਸ ਡਰਾਈਵਰ ਵੀ ਮ੍ਰਿਤਕਾਂ ਵਿਚ ਸ਼ਾਮਿਲ ਨੇ।
ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਮਤੀ ਜਾਨਾਂ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ।
ਖ਼ਬਰਾਂ
ਬੱਸਾਂ ਵਿਚਾਲੇ ਭਿਆਨਕ ਟੱਕਰ,ਚਾਰ ਮੌਤਾਂ ,5 ਗੰਭੀਰ ,12 ਹੋਰ ਜ਼ਖਮੀ ,ਹਾਈਵੇਅ ’ਤੇ ਆਵਾਜਾਈ ਪ੍ਰਭਾਵਿਤ
14 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



