ਮੋਗਾ, 2 ਜੁਲਾਈ (ਜਸ਼ਨ ) – "ਪੰਜਾਬ ਦਾ ਇੱਕੋ ਨਾਅਰਾ—ਭਗਵੰਤ ਮਾਨ ਸਰਕਾਰ ਦੁਬਾਰਾ" ਦੇ ਸੰਦੇਸ਼ ਨਾਲ ਮੋਗਾ ਹਲਕੇ ਦੇ ਪਿੰਡ ਦਾਰਾਪੁਰ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਸਰਪੰਚ ਮੰਦੀਪ ਸ਼ਰਮਾ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਦੀਪ ਦਾਰਾਪੁਰ, ਮੇਅਰ ਵਿਨੇਪਾਲ ਕੌਰ, ਚੇਅਰਮੈਨ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦਾਰਾਪੁਰ ਦੇ ਵਿਕਾਸ ਲਈ 1 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਪ੍ਰੋਜੈਕਟ, 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਰੋਡ ਬ੍ਰਿਜ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤਰ੍ਹਾਂ ਪਿੰਡ ਦੇ ਵਿਕਾਸ ਕਾਰਜਾਂ 'ਤੇ ਕੁੱਲ 3 ਕਰੋੜ 81 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਡਾ. ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਪੰਜਾਬ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।