ਹੁਸ਼ਿਆਰਪੁਰ, 18 ਜੁਲਾਈ(ਬਖਸ਼ੀ ): ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਅਤੇ ਕਥਿਤ ਉਗਰਾਹੀ ਦੇ ਮਾਮਲੇ ਵਿੱਚ ਮੁਅੱਤਲ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਅਮਰੀਕਾ ਵਿੱਚ ਰਹਿੰਦੇ ਇੱਕ ਪਰਿਵਾਰ ਤੋਂ ਕਥਿਤ ਤੌਰ 'ਤੇ ਗੈਰ-ਕਾਨੂੰਨੀ ਵਸੂਲੀ ਅਤੇ ਰਿਸ਼ਵਤ ਲੈਣ ਦੇ ਪੁਖ਼ਤਾ ਸਬੂਤ ਮਿਲੇ ਹਨ।

ਡੀਆਈਜੀ ਜਲੰਧਰ ਰੇਂਜ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਮੀਡੀਆ ਰਿਪੋਰਟਾਂ ਵਿੱਚ ਲੱਗੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਤੁਰੰਤ ਟਾਂਡਾ ਥਾਣੇ ਦੇ ਐੱਸਐੱਚਓ ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਹੋਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਸੀ। ਮਾਮਲੇ ਦੀ ਨਿਰਪੱਖ ਜਾਂਚ ਲਈ ਕਤਲ ਕੇਸ ਦੀ ਜਾਂਚ ਹੋਸ਼ਿਆਰਪੁਰ ਜ਼ਿਲ੍ਹੇ ਤੋਂ ਬਾਹਰ ਤਾਇਨਾਤ ਇੱਕ ਆਈਪੀਐੱਸ ਅਧਿਕਾਰੀ ਨੂੰ ਸੌਂਪੀ ਗਈ ਸੀ।

ਪੁਲਿਸ ਮੁਤਾਬਕ ਤਕਨੀਕੀ ਵਿਸ਼ਲੇਸ਼ਣ, ਵਿੱਤੀ ਲੈਣ-ਦੇਣ, ਗਵਾਹਾਂ ਦੇ ਬਿਆਨਾਂ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਹੋਈ ਜਾਂਚ ਵਿੱਚ ਸਾਹਮਣੇ ਆਇਆ ਕਿ ਇੰਸਪੈਕਟਰ ਨਾਗਰਾ ਨੇ ਅਮਰੀਕਾ ਅਧਾਰਿਤ ਪਰਿਵਾਰ ਤੋਂ 16 ਲੱਖ ਰੁਪਏ ਦੀ ਗੈਰ-ਕਾਨੂੰਨੀ ਰਕਮ ਹਾਸਲ ਕੀਤੀ। ਲੋੜੀਂਦੇ ਸਬੂਤ ਇਕੱਠੇ ਹੋਣ ਤੋਂ ਬਾਅਦ ਉਨ੍ਹਾਂ ਨੂੰ ਐੱਫਆਈਆਰ ਨੰਬਰ 20 ਮਿਤੀ 16 ਜਨਵਰੀ 2026, ਥਾਣਾ ਟਾਂਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 308 ਤਹਿਤ ਨਾਮਜ਼ਦ ਕੀਤਾ ਗਿਆ। ਉਨ੍ਹਾਂ ਨੂੰ 17 ਜੁਲਾਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਪ੍ਰੈਸ ਨੋਟ ਵਿੱਚ ਕਿਹਾ ਗਿਆ ਹੈ ਕਿ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਦਰਅਸਲ ਹੁਸ਼ਿਆਰਪੁਰ ਪੁਲਿਸ ਨੇ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ, ਜੋ ਪਹਿਲਾਂ ਟਾਂਡਾ ਥਾਣੇ ਦੇ ਐਸਐਚਓ ਰਹਿ ਚੁੱਕੇ ਹਨ, ਨੂੰ ਇੱਕ ਕਥਿਤ ਅੰਤਰਰਾਸ਼ਟਰੀ ਫਿਰੌਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਮਾਮਲਾ ਅਮਰੀਕਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਇੱਕ ਪਰਿਵਾਰ ਨੂੰ ਧਮਕਾ ਕੇ ਵੱਡੀ ਰਕਮ ਵਸੂਲਣ ਦੀ ਸਾਜ਼ਿਸ਼ ਨਾਲ ਜੁੜਿਆ ਹੋਇਆ ਹੈ।

ਨਾਗਰਾ ਨੂੰ ਟਾਂਡਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 20 (15 ਜਨਵਰੀ 2026) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਫਿਰੌਤੀ ਸੰਬੰਧੀ ਧਾਰਾਵਾਂ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਸ਼ਾਮਲ ਹਨ।

ਇਸ ਤੋਂ ਪਹਿਲਾਂ ਅਮਰੀਕੀ ਜਾਂਚ ਏਜੰਸੀ FBI ਨੇ ਵੀ ਦੋਸ਼ ਲਗਾਇਆ ਸੀ ਕਿ ਟਾਂਡਾ ਖੇਤਰ ਵਿੱਚ ਦਰਜ ਇੱਕ ਕਤਲ ਕੇਸ ਦੀ ਜਾਂਚ ਨੂੰ ਆਧਾਰ ਬਣਾਕੇ ਅਮਰੀਕਾ ਵੱਸਦੇ ਇੱਕ ਪੰਜਾਬੀ ਪਰਿਵਾਰ ਤੋਂ ਕਰੀਬ 4 ਲੱਖ ਡਾਲਰ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਨਾਗਰਾ ਨੂੰ SHO ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਸੀ ਅਤੇ ਵਿਭਾਗੀ ਜਾਂਚ ਵੀ ਸ਼ੁਰੂ ਕੀਤੀ ਗਈ ਸੀ।

ਹੁਣ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।