ਨਿਹਾਲ ਸਿੰਘ ਵਾਲਾ,18 ਜੁਲਾਈ (ਜਸ਼ਨ )ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਇਤਿਹਾਸਕ ਪਿੰਡ ਦੀਨਾ ਸਾਹਿਬ ਤੋਂ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਪਵਿੱਤਰ ਧਾਰਮਿਕ ਯਾਤਰਾ ਲਈ ਸ਼ਰਧਾ ਅਤੇ ਉਤਸ਼ਾਹ ਨਵਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ। ਚੇਅਰਮੈਨ ਹੋਰਾਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਨੂੰ 15 ਦਿਨਾਂ ਵਿੱਚ ਹੀ ਦੂਸਰੀ ਬੱਸ ਮੁਹੰਈਆ ਕਰਵਾਈ ਹੈ ।ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ 'ਤੇ ਉਨ੍ਹਾਂ ਸ਼ਰਧਾਲੂਆਂ ਲਈ ਲਾਭਦਾਇਕ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਹਰ ਵਿਅਕਤੀ ਆਪਣੀ ਆਸਥਾ ਅਨੁਸਾਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕੇ।ਇਸ ਮੌਕੇ ਸਰਪੰਚ ਰਣਜੀਤ ਸਿੰਘ, ਪੰਚ ਜਗਰਾਜ ਸਿੰਘ, ਨਿਰਭੈ ਸਿੰਘ ਨਾਹਰ,ਕੌਰ ਸਿੰਘ ਰਾਜਸਥਾਨੀ, ਗੋਰਾ ਸਿੰਘ, ਭੁਪਿੰਦਰ ਸ਼ਰਮਾ, ਹਰਵਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਸ਼ੁਭ ਯਾਤਰਾ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਆਮ ਲੋਕਾਂ ਲਈ ਇੱਕ ਮਹੱਤਵਪੂਰਨ ਅਤੇ ਲੋਕ-ਭਲਾਈ ਵਾਲੀ ਯੋਜਨਾ ਹੈ, ਜਿਸ ਦਾ ਹਜ਼ਾਰਾਂ ਸ਼ਰਧਾਲੂ ਲਾਭ ਉਠਾ ਰਹੇ ਹਨ।