ਜੈਤੋ, 28 ਜੂਨ (ਮਨਜੀਤ ਸਿੰਘ ਢੱਲਾ)-
ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਕਾਰੋਬਾਰੀ ਸ੍ਰੀ ਨਰੇਸ਼ ਜਿੰਦਲ ਅਤੇ ਉਨ੍ਹਾਂ ਦੇ ਪੁੱਤਰ, ਆਪ ਆਗੂ ਤੇ ਸਮਾਜ ਸੇਵੀ ਸ੍ਰੀ ਅਸ਼ੀਸ਼ ਜਿੰਦਲ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾ ਕੇ ਵਿਕਾਸ ਦੀ ਨਵੀਂ ਲੀਹ ਖਿੱਚੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ।
ਉਨ੍ਹਾਂ ਕਿਹਾ ਕਿ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ ਜੈਤੋ ਵਿਧਾਨ ਸਭਾ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕਈ ਲੋਕ-ਹਿੱਤ ਪ੍ਰੋਜੈਕਟ ਸਿਰੇ ਚੜ੍ਹੇ ਹਨ। ਉਨ੍ਹਾਂ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ।
ਦੋਵਾਂ ਆਗੂਆਂ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਕੋਲ ਲੋਕਾਂ ਅੱਗੇ ਰੱਖਣ ਲਈ ਕੋਈ ਠੋਸ ਏਜੰਡਾ ਨਹੀਂ ਹੈ ਅਤੇ ਉਹ ਸਿਰਫ਼ ਸਰਕਾਰ ਨੂੰ ਬਦਨਾਮ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਿਕਾਸ ਦੇ ਮੁੱਦੇ ਅਤੇ ਲੋਕਾਂ ਦੇ ਸਮਰਥਨ ਦੇ ਆਧਾਰ 'ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ ਅਤੇ ਸੂਬੇ ਭਰ ਵਿੱਚ ਝਾੜੂ ਦੀ ਗੂੰਜ ਇੱਕ ਵਾਰ ਫਿਰ ਸੁਣਾਈ ਦੇਵੇਗੀ।