ਮੋਗਾ, 23 ਨਵੰਬਰ (ਜਸ਼ਨ ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਸਮੁੱਚੀ ਲੋਕਾਈ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅੱਜ ਵੀ ਸਮੁੱਚੇ ਵਿਸ਼ਵ ਲਈ ਚਾਨਣ ਮੁਨਾਰੇ ਦਾ ਕੰਮ ਕਰ ਰਹੀਆਂ ਹਨ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਆਪਸੀ ਸਾਂਝ, ਸਦਭਾਵਨਾ, ਸੱਚਾਈ ਅਤੇ ਨਿਮਰਤਾ ਦਾ ਸੰਦੇਸ਼ ਦਿੱਤਾ, ਜੋ ਹਰ ਯੁੱਗ ਅਤੇ ਹਰ ਸਮਾਜ ਲਈ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਵਿੱਚ ਫੈਲੀਆਂ ਜਾਤ-ਪਾਤ, ਭੇਦਭਾਵ, ਊਚ-ਨੀਚ ਅਤੇ ਅੰਧਵਿਸ਼ਵਾਸ ਵਰਗੀਆਂ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣ ਅਤੇ ਆਪਸ ਵਿੱਚ ਪਿਆਰ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦੀ ਵਿਚਾਰਧਾਰਾ ਸਾਨੂੰ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ, ਪਰਮਾਤਮਾ ਦੀ ਯਾਦ ਵਿੱਚ ਜੁੜੇ ਰਹਿਣ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਪ੍ਰੇਰਣਾ ਦਿੰਦੀ ਹੈ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵੱਖ-ਵੱਖ ਚੁਣੌਤੀਆਂ ਅਤੇ ਵੰਡੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਸਰਬੱਤ ਦਾ ਭਲਾ' ਦਾ ਸੰਦੇਸ਼ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੇਵਲ ਧਾਰਮਿਕ ਸਮਾਗਮਾਂ ਤੱਕ ਸੀਮਤ ਨਾ ਰੱਖ ਕੇ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਪਿਆਰ, ਸਹਿਯੋਗ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਸੀ ਭਾਈਚਾਰੇ, ਸ਼ਾਂਤੀ ਅਤੇ ਮਨੁੱਖਤਾ ਦੀ ਸੇਵਾ ਨੂੰ ਆਪਣੇ ਜੀਵਨ ਦਾ ਉਦੇਸ਼ ਬਣਾਉਣ, ਤਾਂ ਜੋ ਇੱਕ ਸੁਖੀ, ਸ਼ਾਂਤਮਈ ਅਤੇ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਹਮੇਸ਼ਾ ਸਮੁੱਚੀ ਦੁਨੀਆ ਵਿੱਚ ਗੂੰਜਦਾ ਰਹੇਗਾ।