ਮੋਗਾ, 18 ਅਕਤੂਬਰ (ਜਸ਼ਨ ) ਪੰਜਾਬ ਅੰਦਰ ਆਏ ਦਿਨ ਹੋ ਰਹੇ ਬੇਗੁਨਾਂਹਾ ਦੇ ਕਤਲ ਬੜੇ ਦੁੱਖਦਾਈ ਅਤੇ ਡੂੰਘੀ ਚਿੰਤਾ ਦਾ ਵਿਸ਼ਾ ਹੈ ਨਸ਼ਿਆਂ ਖ਼ਿਲਾਫ਼ ਹਮੇਸ਼ਾ ਅਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੇ ਪੂਰੇ ਸੰਸਾਰ ਵਿੱਚ ਸੋਗ ਦੀ ਲਹਿਰ ਹੈ।
ਗੁਰਮੀਤ ਸਿੰਘ ਬੁੱਕਣ ਵਾਲਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨੂੰ ਭੇਜੇ ਸੁਨੇਹੇ ਰਾਹੀਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। "ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਉਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਕਤਲ ਵਿੱਚ ਸ਼ਾਮਲ ਦੋਸ਼ੀਆਂ ਦੇ ਨਾਲ-ਨਾਲ ਇਸ ਸਾਜ਼ਿਸ਼ ਦੇ ਪਿੱਛੇ ਕੰਮ ਕਰਨ ਵਾਲੇ ਹਰ ਵਿਅਕਤੀ ਦੀ ਭੂਮਿਕਾ ਸਾਹਮਣੇ ਲਿਆਂਦੀ ਜਾਵੇ। ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਹੈ ਅਤੇ ਇਸ ਸੰਵਿਧਾਨਕ ਫ਼ਰਜ਼ ਤੋਂ ਕੋਈ ਵੀ ਸਰਕਾਰ ਮੂੰਹ ਨਹੀਂ ਮੋੜ ਸਕਦੀ। ਇਸ ਲਈ ਜਲਦ ਤੋਂ ਜਲਦ ਕਾਤਲਾਂ ਨੂੰ ਫੜ ਕੇ ਸਜਾ ਦਿੱਤੀ ਜਾਵੇ ਅਤੇ ਪਰਿਵਾਰ ਨੂੰ ਇੰਨਸਾਫ ਦਵਾਇਆ ਜਾਵੇ।