ਧਰਮਕੋਟ, 1 ਜੁਲਾਈ (ਜਸ਼ਨ ) ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਯੂਥ ਅਕਾਲੀ ਦਲ ਦੇ ਫ਼ਤਹਿਗੜ੍ਹ ਪੰਜਤੂਰ ਸਰਕਲ ਦੇ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਟਾਲਮਟੋਲ ਦੀ ਨੀਤੀ ਨੂੰ ਛੱਡਕੇ ਕਿਸਾਨਾਂ ਲਈ 24 ਘੰਟੇ ਬਿਜਲੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਹੈਪੀ ਭੁੱਲਰ ਨੇ ਸੂਬੇ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਅਤੇ ਸਿੰਚਾਈ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਾਕਾਮ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਲ ਹਾਲਾਤਾਂ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੇ ਸਭ ਤੋਂ ਅਹਿਮ ਸਮੇਂ ਦੌਰਾਨ ਨਾ ਤਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚ ਰਿਹਾ ਹੈ ਅਤੇ ਨਾ ਹੀ ਲੋੜੀਂਦੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਏਕੜ ਫ਼ਸਲ ਸੁੱਕਣ ਦੇ ਕੰਢੇ 'ਤੇ ਪਹੁੰਚ ਗਈ ਹੈ।
ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਇਹ ਦਾਅਵੇ ਕੀਤੇ ਗਏ ਕਿ ਨਹਿਰਾਂ ਦਾ ਪਾਣੀ ਟੇਲਾਂ ਰਾਹੀਂ ਸੂਬੇ ਦੇ ਆਖ਼ਰੀ ਸਿਰੇ ਤੱਕ ਪਹੁੰਚਾ ਦਿੱਤਾ ਗਿਆ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਅੱਜ ਟੇਲਾਂ ਅਤੇ ਸੂਏ ਸੁੱਕੇ ਪਏ ਹਨ, ਕਿਸਾਨ ਪਾਣੀ ਦੀ ਇੱਕ-ਇੱਕ ਬੂੰਦ ਲਈ ਤਰਸ ਰਹੇ ਹਨ ਅਤੇ ਝੋਨੇ ਦੀ ਲਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਿਸਾਨ ਸਰਕਾਰ ਦੇ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਰਕਾਰ ਦੇ ਇਹ ਸਾਰੇ ਦਾਅਵੇ ਸਿਰਫ਼ ਇਸ਼ਤਿਹਾਰਾਂ ਅਤੇ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ।

ਉਨ੍ਹਾਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਪੂਰੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਦੇ ਕਈ-ਕਈ ਘੰਟਿਆਂ ਦੇ ਅਣਐਲਾਨੇ ਕੱਟ ਲਗਾ ਕੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਗਿਆ ਹੈ।

ਹੈਪੀ ਭੁੱਲਰ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਉਂਦਿਆਂ ਕਿਹਾ ਝਾੜੂ ਸਰਕਾਰ ਨੇ ਬੜੇ ਹੰਕਾਰ ਨਾਲ ਕਿਸਾਨਾਂ ਨੂੰ ਕਿਹਾ ਸੀ ਕਿ ਹੁਣ ਉਹ ਅਫ਼ਸਰਾਂ ਵਾਂਗ ਸਵੇਰੇ 9 ਵਜੇ ਟਾਈਮ ਨਾਲ ਖੇਤਾਂ ਵਿੱਚ ਜਾਣਗੇ ਅਤੇ ਸ਼ਾਮ ਨੂੰ ਘਰ ਪਰਤਣਗੇ। ਪਰ ਅੱਜ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਇਹ ਬਦਲਾਅ ਨਹੀਂ, ਸਗੋਂ ਪੰਜਾਬ ਦੇ ਅੰਨਦਾਤਾ ਨਾਲ ਕੀਤਾ ਗਿਆ ਸਭ ਤੋਂ ਵੱਡਾ ਵਿਸ਼ਵਾਸਘਾਤ ਹੈ।

ਫ਼ਤਹਿਗੜ੍ਹ ਪੰਜਤੂਰ ਸਰਕਲ ਦੇ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਦਾ ਸਭ ਤੋਂ ਵੱਡਾ ਖ਼ਮਿਆਜ਼ਾ ਪੰਜਾਬ ਦਾ ਅੰਨਦਾਤਾ ਭੁਗਤ ਰਿਹਾ ਹੈ। ਆਪਣੀ ਮਿਹਨਤ ਨਾਲ ਪਾਲੀ ਝੋਨੇ ਦੀ ਫ਼ਸਲ ਨੂੰ ਸੁੱਕਣ ਤੋਂ ਬਚਾਉਣ ਲਈ ਕਿਸਾਨ ਦਿਨ-ਰਾਤ ਖੇਤਾਂ ਵਿੱਚ ਜਨਰੇਟਰ ਚਲਾਉਣ ਲਈ ਮਜਬੂਰ ਹਨ। ਬਿਜਲੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਇੱਕ ਹਾਈ-ਪਾਵਰ ਟਿਊਬਵੈੱਲ ਜਾਂ ਮੋਟਰ ਚਲਾਉਣ ਲਈ ਰੋਜ਼ਾਨਾ ਕਰੀਬ 60 ਤੋਂ 70 ਲੀਟਰ ਡੀਜ਼ਲ ਦੀ ਖਪਤ ਹੋ ਰਹੀ ਹੈ। ਡੀਜ਼ਲ ਦੀਆਂ ਮੌਜੂਦਾ ਕੀਮਤਾਂ ਨੂੰ ਦੇਖਦੇ ਹੋਏ ਇੱਕ ਕਿਸਾਨ ਨੂੰ ਹਰ ਰੋਜ਼ ਲਗਭਗ 5,000 ਤੋਂ 7,000 ਰੁਪਏ ਤੱਕ ਦਾ ਵਾਧੂ ਖ਼ਰਚਾ ਆਪਣੀ ਜੇਬ ਵਿੱਚੋਂ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਬੋਝ ਕਿਸਾਨਾਂ ਦੀ ਆਰਥਿਕ ਕਮਰ ਤੋੜ ਰਿਹਾ ਹੈ ਅਤੇ ਸਰਕਾਰ ਦੀ ਲਾਪਰਵਾਹੀ ਦਾ ਸਿੱਧਾ ਖ਼ਮਿਆਜ਼ਾ ਅੰਨਦਾਤਾ ਭੁਗਤਣ ਲਈ ਮਜਬੂਰ ਹੈ।