ਲਾਹੌਰ ਵਿੱਚ ਤਿੰਨ-ਚਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਕਈ ਘੰਟੇ ਬੰਧਕ ਬਣਾਉਣ ਦਾ ਦਾਅਵਾ
ਹੁਸ਼ਿਆਰਪੁਰ, 5 ਸਤੰਬਰ(ਬਖਸ਼ੀ ): ਪਾਕਿਸਤਾਨ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਦੋਸ਼ ਲਾਇਆ ਹੈ ਕਿ ਸ਼ੁੱਕਰਵਾਰ ਰਾਤ ਲਾਹੌਰ ਵਿੱਚ ਤਿੰਨ-ਚਾਰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਨੂੰ ਅਗਵਾ ਕਰ ਲਿਆ ਅਤੇ ਕਈ ਘੰਟਿਆਂ ਤੱਕ ਬੰਧਕ ਬਣਾ ਕੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਮੁਤਾਬਕ ਬਾਅਦ ਵਿੱਚ ਉਨ੍ਹਾਂ ਨੂੰ ਸ਼ਾਹਦਰਾ ਨੇੜੇ ਛੱਡ ਦਿੱਤਾ ਗਿਆ।
ਇਸ ਪੱਤਰਕਾਰ ਨੂੰ ਭੇਜੇ ਸੁਨੇਹੇ ਵਿੱਚ ਕੁਰੈਸ਼ੀ ਨੇ ਦੱਸਿਆ ਕਿ ਉਹ ਰਾਤ ਕਰੀਬ 8 ਵਜੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਜੈਨ ਮੰਦਰ ਨੇੜੇ ਇੱਕ ਕਾਰ ਵਿੱਚ ਸਵਾਰ ਤਿੰਨ-ਚਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਹਥਿਆਰਬੰਦ ਵਿਅਕਤੀਆਂ ਨੇ ਜ਼ਬਰਦਸਤੀ ਉਨ੍ਹਾਂ ਨੂੰ ਕਾਰ ਵਿੱਚ ਬਿਠਾਇਆ, ਅੱਖਾਂ ’ਤੇ ਪੱਟੀ ਬੰਨ੍ਹੀ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ।
ਕੁਰੈਸ਼ੀ ਨੇ ਦੱਸਿਆ ਕਿ ਹਮਲੇ ਦੌਰਾਨ ਉਨ੍ਹਾਂ ਦੇ ਸਿਰ ’ਤੇ ਡੂੰਘੀ ਸੱਟ ਲੱਗੀ ਅਤੇ ਸਰੀਰ ਦੇ ਵੱਖ-ਵੱਖ ਹਿੱਸਿਆਂ ’ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਮੁਤਾਬਕ ਹਮਲਾਵਰਾਂ ਨੇ ਭਗਤ ਸਿੰਘ ਨਾਲ ਸਬੰਧਤ ਉਨ੍ਹਾਂ ਦੇ ਕੰਮ ਨੂੰ ਲੈ ਕੇ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਾਰਤ ਦਾ ਏਜੰਟ ਅਤੇ ਵਿਦੇਸ਼ੀ ਫੰਡਿੰਗ ਲੈਣ ਵਾਲਾ ਦੱਸਿਆ।
ਉਨ੍ਹਾਂ ਦੋਸ਼ ਲਾਇਆ ਕਿ ਹਮਲਾਵਰਾਂ ਨੇ ਉਨ੍ਹਾਂ ਨੂੰ ਭਗਤ ਸਿੰਘ ਨਾਲ ਸਬੰਧਤ ਗਤੀਵਿਧੀਆਂ ਛੱਡਣ ਦੀ ਚਿਤਾਵਨੀ ਦਿੱਤੀ ਅਤੇ ਅਜਿਹਾ ਨਾ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਕੁਰੈਸ਼ੀ ਅਨੁਸਾਰ ਕਈ ਘੰਟਿਆਂ ਤੱਕ ਬੰਧਕ ਬਣਾਏ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਦੇਰ ਰਾਤ ਸ਼ਾਹਦਰਾ ਵੱਲ ਲਿਜਾਇਆ ਗਿਆ ਅਤੇ ਉੱਥੇ ਛੱਡ ਕੇ ਹਮਲਾਵਰ ਫਰਾਰ ਹੋ ਗਏ।
‘ਧਮਕੀਆਂ ਨਾਲ ਮਿਸ਼ਨ ਨਹੀਂ ਛੱਡਾਂਗਾ’
ਕੁਰੈਸ਼ੀ ਨੇ ਇਸ ਘਟਨਾ ਨੂੰ ਡਰ ਪੈਦਾ ਕਰਨ ਅਤੇ ਭਗਤ ਸਿੰਘ ਦੇ ਵਿਚਾਰਾਂ ’ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮ ਨੂੰ ਰੋਕਣ ਦੀ ਕੋਸ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਉਹ ਸ਼ਾਂਤੀ, ਮਨੁੱਖਤਾ, ਸਹਿਣਸ਼ੀਲਤਾ ਅਤੇ ਭਾਰਤ-ਪਾਕਿਸਤਾਨ ਦੇ ਲੋਕਾਂ ਵਿਚਕਾਰ ਆਪਸੀ ਸਾਂਝ ਤੇ ਦੋਸਤੀ ਲਈ ਕੰਮ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਭਗਤ ਸਿੰਘ ਦਾ ਮਿਸ਼ਨ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਮਿਸ਼ਨ ਨਹੀਂ, ਸਗੋਂ ਸ਼ਾਂਤੀ, ਮਨੁੱਖਤਾ, ਪਿਆਰ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਦੋਸਤੀ ਦੀ ਆਵਾਜ਼ ਹੈ।
ਕੁਰੈਸ਼ੀ ਨੇ ਕਿਹਾ ਕਿ ਉਹ ਧਮਕੀਆਂ ਕਾਰਨ ਪਾਕਿਸਤਾਨ ਛੱਡ ਕੇ ਨਹੀਂ ਜਾਣਗੇ। ਉਨ੍ਹਾਂ ਪਾਕਿਸਤਾਨ ਸਰਕਾਰ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਤੋਂ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ, ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਭਗਤ ਸਿੰਘ ਸਿਰਫ਼ ਇਤਿਹਾਸ ਦਾ ਇੱਕ ਅਧਿਆਇ ਨਹੀਂ, ਸਗੋਂ ਹਿੰਮਤ, ਕੁਰਬਾਨੀ, ਆਜ਼ਾਦੀ, ਸ਼ਾਂਤੀ ਅਤੇ ਮਨੁੱਖਤਾ ਦੇ ਪ੍ਰਤੀਕ ਹਨ। ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।




