ਅੰਮ੍ਰਿਤਸਰ,3 ਅਗਸਤ (ਬਿੱਟੂ ਗਰੋਵਰ ): ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਹੜਤਾਲ ਜਾਰੀ ਰੱਖੀ ਗਈ। ਮੁਲਾਜ਼ਮਾਂ ਨੇ ਪੰਜਾਬ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਮੰਗ ਦਾ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਸਕਾਰਾਤਮਕ ਰਵੱਈਆ ਨਾ ਅਪਣਾਇਆ ਤਾਂ ਇਹ ਹੜਤਾਲ ਬੇਮਿਆਦੀ ਸੰਘਰਸ਼ ਦਾ ਰੂਪ ਧਾਰ ਸਕਦੀ ਹੈ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਯੂਨੀਅਨ ਪੰਜਾਬ ਦੇ ਆਗੂ ਜੋਧ ਸਿੰਘ ਨੇ ਕਿਹਾ ਕਿ ਸਰਕਾਰ ਨਾਲ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ, ਪਰ ਹਰ ਮੀਟਿੰਗ ਸਿਰਫ਼ ਭਰੋਸਿਆਂ ਤੱਕ ਹੀ ਸੀਮਿਤ ਰਹੀ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸੰਘਰਸ਼ਾਂ ਦੌਰਾਨ ਦਰਜ ਕੀਤੇ ਗਏ ਪਰਚੇ ਰੱਦ ਕਰਨ ਅਤੇ ਕੰਟਰੈਕਟ ਪ੍ਰਣਾਲੀ ਖ਼ਤਮ ਕਰਨ ਵਰਗੀਆਂ ਮੁੱਖ ਮੰਗਾਂ 'ਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੂਰੀ ਉਮੀਦ ਸੀ ਕਿ ਮੌਜੂਦਾ ਸਰਕਾਰ ਆਪਣੇ ਵਾਅਦੇ ਨਿਭਾਏਗੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹਾਲਾਤ ਜਿਉਂ ਦੇ ਤਿਉਂ ਹਨ।

ਜੋਧ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਸਰਕਾਰ ਨੇ ਹਰ ਕੱਚੇ ਮੁਲਾਜ਼ਮ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਮੁਲਾਜ਼ਮਾਂ ਨੇ ਵੀ ਸਰਕਾਰ ਦੇ ਹੱਕ ਵਿੱਚ ਪ੍ਰਚਾਰ ਕੀਤਾ ਅਤੇ ਬਦਲਾਅ ਦੀ ਉਮੀਦ ਨਾਲ ਸਾਥ ਦਿੱਤਾ, ਪਰ ਹੁਣ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ ਹਰ ਵਿਭਾਗ ਦੇ ਮੁਲਾਜ਼ਮ ਧਰਨੇ ਅਤੇ ਹੜਤਾਲਾਂ ਕਰਨ ਲਈ ਮਜਬੂਰ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਅਸਫਲ ਰਹੀ ਹੈ।

ਇਸੇ ਦੌਰਾਨ ਪੰਜਾਬ ਰੋਡਵੇਜ਼ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਅੰਮ੍ਰਿਤਸਰ-1 ਦੇ ਡਿਪੂ ਪ੍ਰਧਾਨ ਹੀਰਾ ਸਿੰਘ ਨੇ ਕਿਹਾ ਕਿ ਸਾਲ 2007 ਤੋਂ ਹਜ਼ਾਰਾਂ ਮੁਲਾਜ਼ਮ ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਪਰ ਮੌਜੂਦਾ ਸਰਕਾਰ ਤੋਂ ਉਨ੍ਹਾਂ ਨੂੰ ਵੱਡੀਆਂ ਉਮੀਦਾਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਐਲਾਨ ਕੀਤੇ ਗਏ, ਪਰ ਅਜੇ ਤੱਕ ਨਾ ਕੋਈ ਨੋ
ਹੀਰਾ ਸਿੰਘ ਨੇ ਕਿਹਾ ਕਿ ਸਿਰਫ਼ ਟਰਾਂਸਪੋਰਟ ਵਿਭਾਗ ਹੀ ਨਹੀਂ, ਸਗੋਂ ਸਫ਼ਾਈ ਕਰਮਚਾਰੀ, ਮਨਰੇਗਾ ਕਰਮਚਾਰੀ, ਬਿਜਲੀ ਬੋਰਡ ਦੇ ਮੁਲਾਜ਼ਮ ਅਤੇ ਹੋਰ ਕਈ ਵਰਗਾਂ ਦੇ ਕਰਮਚਾਰੀ ਵੀ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਚੰਡੀਗੜ੍ਹ ਵਿੱਚ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਯੂਨੀਅਨ ਦੀ ਅਹਿਮ ਮੀਟਿੰਗ ਹੋਣੀ ਹੈ। ਜੇਕਰ ਇਸ ਮੀਟਿੰਗ ਵਿੱਚ ਮੰਗਾਂ ਦਾ ਕੋਈ ਠੋਸ ਅਤੇ ਸਾਰਥਕ ਹੱਲ ਨਹੀਂ ਨਿਕਲਦਾ ਤਾਂ ਤਿੰਨ ਦਿਨਾਂ ਦੀ ਹੜਤਾਲ ਨੂੰ ਬੇਮਿਆਦੀ ਸੰਘਰਸ਼ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ।
ਮੋਹਾਲੀ ਤੋਂ ਪਨਬਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਆਪਣੀ ਮੰਗਾਂ ਸਬੰਧੀ ਯੂਨੀਅਨ ਵਲੋਂ ਹੜਤਾਲ ਬੀਤੀ ਰਾਤ 12 ਵਜੇ ਤੋਂ ਸ਼ੁਰੂ ਕੀਤੀ ਗਈ ਹੈ। ਉਹਨਾਂ ਇਕ ਪੱਤਰ ਜੌ ਵਿਭਾਗ ਵਲੋ ਕੱਲ ਮੀਟਿੰਗ ਵਾਸਤੇ ਜਾਰੀ ਕੀਤਾ ਗਿਆ ਹੈ, ਵੀ ਸਾਂਝਾ ਕੀਤਾ। ਉਹਨਾਂ ਕਿਹਾ ਕਿ ਉਹ ਸਰਕਾਰ ਦੇ ਟਾਲ ਮਟੋਲ ਰਵਈਏ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਆਰ ਪਾਰ ਦੇ ਮੂਡ ਵਿੱਚ ਹਨ।
ਉਹਨਾਂ ਕਿਹਾ ਕਿ ਕੱਲ ਨੂੰ ਚੱਕਾ ਜਾਮ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਕਰਨਗੇ ਜੇਕਰ ਮੀਟਿੰਗ ਵਿੱਚ ਹੱਲ ਨਾ ਨਿਕਲਿਆ ਪਰਸੋਂ ਤੋਂ ਮੋਹਾਲੀ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ ।ਇਸੇ ਤਰ੍ਹਾਂ ਪਰਸੋਂ ਪੰਜਾਬ ਭਰ ਦੇ ਟਰਾਂਸਪੋਰਟ ਵਿਭਾਗ ਦੇ ਸਾਰੇ ਕੱਚੇ ਮੁਲਾਜ਼ਮਾਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣਗੇ।