2500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਐਸਜੀਪੀਸੀ ਨਾਲ ਤਾਲਮੇਲ ਕਰਕੇ 6 ਜੂਨ ਦੇ ਸਮਾਗਮਾਂ ਲਈ ਵਿਸ਼ੇਸ਼ ਯੋਜਨਾ ਤਿਆਰ
ਅੰਮ੍ਰਿਤਸਰ ਸਾਹਿਬ ,1ਜੂਨ. 2026( ਜਸ਼ਨ ) 1984 ਦੇ ਘਲੂਘਾਰਾ ਨੂੰ ਯਾਦ ਕਰਦੇ ਹੋਏ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਅਤੇ ਚੱਲ ਰਹੇ ਘੱਲੂਘਾਰਾ ਹਫ਼ਤੇ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਸੰਗਤਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਆਸ ਜਤਾਈ ਕਿ ਗੁਰੂ ਮਹਾਰਾਜ ਦੀ ਕਿਰਪਾ ਅਤੇ ਲੋਕਾਂ ਦੇ ਸਹਿਯੋਗ ਨਾਲ ਘੱਲੂਘਾਰਾ ਹਫ਼ਤੇ ਦੇ ਸਾਰੇ ਸਮਾਗਮ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਣਗੇ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਵੀ ਹਿੱਸਾ ਲੈ ਰਹੇ ਹਨ। ਇਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦੇਣਾ ਹੈ। ਸ਼ਹਿਰ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਮੁੱਖ ਰਸਤਿਆਂ ‘ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਰਿਜ਼ਰਵ ਫੋਰਸ ਵੀ ਤਾਇਨਾਤ ਕੀਤੀ ਗਈ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਇਹ ਡਿਊਟੀ ਸਿਰਫ਼ ਡਿਊਟੀ ਨਹੀਂ ਸਗੋਂ ਸੇਵਾ ਦੀ ਭਾਵਨਾ ਨਾਲ ਨਿਭਾਉਣ ਲਈ ਕਿਹਾ ਗਿਆ ਹੈ, ਤਾਂ ਜੋ ਹਰ ਸ਼ਰਧਾਲੂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਆਰਾਮ ਅਤੇ ਸੁਰੱਖਿਆ ਨਾਲ ਮੱਥਾ ਟੇਕ ਸਕੇ। ਉਨ੍ਹਾਂ ਕਿਹਾ ਕਿ ਐਸਜੀਪੀਸੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਹੀ ਡਿਪਲਾਇਮੈਂਟ ਕੀਤੀ ਜਾਵੇਗੀ। ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰੀਬ 2500 ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਪਹਿਲਾਂ ਹੀ ਤਾਇਨਾਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਬਾਹਰੀ ਯੂਨਿਟਾਂ ਅਤੇ ਹੋਰ ਸੁਰੱਖਿਆ ਬਲਾਂ ਦੀ ਮਦਦ ਵੀ ਲਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਦਾ ਮਕਸਦ ਕਿਸੇ ਨੂੰ ਤੰਗ ਕਰਨਾ ਨਹੀਂ, ਸਗੋਂ ਸੁਰੱਖਿਆ ਯਕੀਨੀ ਬਣਾਉਣਾ ਹੈ।




